ਕਾਂਗਰਸ ਅਤੇ ਭਾਜਪਾ ਨੂੰ ਇੱਕੋ ਸਿੱਕੇ ਦੇ ਦੋ ਪਹਿਲੂ ਕਰਾਰ ਦਿੰਦੇ ਹਨ
ਰਾਜਕੋਟ (ਗੁਜਰਾਤ), 2 ਅਕਤੂਬਰ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀ ਹਨੇਰੀ ਚੱਲ ਰਹੀ ਹੈ ਅਤੇ ਸੂਬੇ ਦੇ ਲੋਕ ਚੋਣਾਂ ਤੋਂ ਬਾਅਦ ਸਫਲਤਾ ਦੀ ਨਵੀਂ ਕਹਾਣੀ ਲਿਖਣਗੇ।
ਮੁੱਖ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਗਾਂ ਦੀ ਸਾਂਭ-ਸੰਭਾਲ ਦੀ ਗਾਰੰਟੀ ਪੇਸ਼ ਕਰਦਿਆਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਜਰਾਤ ਦੇ ਲੋਕ ਉਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਜੋ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦੇਖੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਗੁਜਰਾਤ ਖੇਤੀਬਾੜੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਸਕੂਲ ਅਤੇ ਹਸਪਤਾਲ ਖਸਤਾ ਹਾਲਤ ਵਿੱਚ ਹਨ ਅਤੇ ਸੜਕਾਂ ਦੀ ਹਾਲਤ ਤਰਸਯੋਗ ਹੈ, ਜੋ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸੀ। ਭਗਵੰਤ ਮਾਨ ਨੇ ਕਿਹਾ ਕਿ ਸਥਿਤੀ ਤਾਂ ਹੀ ਬਦਲ ਸਕਦੀ ਹੈ ਜੇਕਰ ਆਮ ਆਦਮੀ ਪਾਰਟੀ (ਆਪ) ਨੂੰ ਵੋਟ ਦਿੱਤੀ ਜਾਵੇ।
ਕਾਂਗਰਸ ਅਤੇ ਭਾਜਪਾ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੋਵੇਂ ਪਾਰਟੀਆਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਕਿਹਾ ਕਿ ਆਪਰੇਸ਼ਨ ਲੋਟਸ ਦਾ ਸਭ ਤੋਂ ਵੱਧ ਸ਼ਿਕਾਰ ਹੋਣ ਦੇ ਬਾਵਜੂਦ ਕਾਂਗਰਸ ਨੇ ਸੂਬਾ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿੱਚ ਭਾਜਪਾ ਦੇ ਲੋਕਤੰਤਰ ਵਿਰੋਧੀ ਸਟੈਂਡ ਦਾ ਸਮਰਥਨ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਇਹ ਕਾਂਗਰਸ (ਆਈ) ਸੀ ਪਰ ਹੁਣ ਕਾਂਗਰਸ (ਭਾਜਪਾ) ਹੈ ਕਿਉਂਕਿ ਦੋਵੇਂ ਪਾਰਟੀਆਂ ਸੂਬੇ ਦੇ ਲੋਕਾਂ ਅਤੇ ਦੌਲਤ ਨੂੰ ਲੁੱਟਣ ਲਈ ਇਕ-ਦੂਜੇ ਨਾਲ ਮਿਲ ਕੇ ਚੱਲ ਰਹੀਆਂ ਹਨ।
ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਕਈ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1 ਜੁਲਾਈ ਤੋਂ ਪੰਜਾਬ ਸਰਕਾਰ ਨੇ ਹਰ ਬਿੱਲ ਦੇ ਚੱਕਰ ਵਿੱਚ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਕੁੱਲ 72.66 ਲੱਖ ਵਿੱਚੋਂ 50 ਲੱਖ ਪਰਿਵਾਰਾਂ ਨੂੰ ਸਤੰਬਰ ਮਹੀਨੇ ਵਿੱਚ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਵਿੱਚ ਨੌਜਵਾਨਾਂ ਨੂੰ 17 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਕਰੀਆਂ ਦੀ ਸ਼ੋਸ਼ਣ ਵਾਲੀ ਠੇਕਾ ਪ੍ਰਣਾਲੀ ਦੇ ਵਿਰੁੱਧ ਹੈ, ਜਿਸ ਕਾਰਨ ਉਨ੍ਹਾਂ ਨੇ ਸੂਬੇ ਦੇ 30,000 ਤੋਂ ਵੱਧ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਹੈ ਜਿਸ ਤੋਂ ਬਾਅਦ ਭ੍ਰਿਸ਼ਟ ਅਨਸਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਇੱਕ ਇਮਾਨਦਾਰ ਸਰਕਾਰ ਹੀ ਅਜਿਹੇ ਮਾਰਗ ਤੋੜ ਅਤੇ ਲੋਕ ਪੱਖੀ ਪਹਿਲਕਦਮੀ ਕਰ ਸਕਦੀ ਹੈ
ਮੁੱਖ ਮੰਤਰੀ ਨੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੂਬਾ ਸਰਕਾਰ ਗਊ ਸੇਵਾ ਕਮਿਸ਼ਨ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਇੱਕ ਪਾਸੇ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਘਟਾਉਣਾ ਹੈ ਅਤੇ ਦੂਜੇ ਪਾਸੇ ਗਊਆਂ ਦੀ ਸਹੀ ਦੇਖਭਾਲ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਸ਼ੂਆਂ ਦੀ ਭਲਾਈ ਲਈ ਗਊ ਸੈੱਸ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਯਤਨ ਜਾਰੀ ਹਨ।