ਮਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਦੇ ਮਸਲਿਆਂ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ
*ਕੈਬਨਿਟ ਮੰਤਰੀ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਕੀਤੀ*
*ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ*
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਚੰਡੀਗੜ੍ਹ ਵਿੱਚ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਸਹੂਲਤਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਦੀ ਸੁਰੱਖਿਆ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਲਈ ਬਣਾਈਆਂ ਗਈਆਂ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਾਰਥੀ ਤੱਕ ਪਹੁੰਚੇ।
ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ; ਡਾਇਰੈਕਟਰ, ਰੱਖਿਆ ਸੇਵਾਵਾਂ ਭਲਾਈ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ; ਅਤੇ ਡਾਇਰੈਕਟਰ, ਪੈਸਕੋ, ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਹਾਜ਼ਰ ਸਨ।
