
*ਮੁੱਖ ਸਕੱਤਰ ਨੇ ਜਲ ਸਰੋਤ ਵਿਭਾਗ ਨੂੰ ਅਗਲੇ ਪੜਾਅ ਵਿੱਚ ਹੋਰ ਰੈਸਟ ਹਾਊਸਾਂ ਦੀ ਪਛਾਣ ਕਰਨ ਲਈ ਕਿਹਾ*
ਚੰਡੀਗੜ੍ਹ, 30 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਸੂਬੇ ਦੇ ਸਰਕਾਰੀ ਸਰਕਟ ਹਾਊਸਾਂ/ਰੈਸਟ ਹਾਊਸਾਂ ਵਿੱਚ ਰਹਿਣ ਨੂੰ ਪਹਿਲ ਦੇਣ ਅਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਚਾਲੂ ਕਰਨ ਲਈ ਸੂਬਾ ਸਰਕਾਰ ਨੇ ਬੰਦ ਪਏ 7 ਕੈਨਾਲ ਰੈਸਟ ਹਾਊਸਾਂ ਦੀ ਸ਼ਨਾਖਤ ਕੀਤੀ ਹੈ, ਜਿਨ੍ਹਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਮੁੜ ਚਾਲੂ ਕੀਤਾ ਜਾਵੇਗਾ।
ਇਹ ਫੈਸਲਾ ਅੱਜ ਇੱਥੇ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਜਲ ਸਰੋਤ ਵਿਭਾਗ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀਆਈਡੀਬੀ) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਲਿਆ।
ਮੀਟਿੰਗ ਉਪਰੰਤ ਵੇਰਵੇ ਦਿੰਦਿਆਂ ਮੁੱਖ ਸਕੱਤਰ ਸ੍ਰੀ ਜੰਜੂਆ ਨੇ ਦੱਸਿਆ ਕਿ ਸੂਬੇ ਵਿੱਚ ਨਹਿਰਾਂ ਦੇ ਕੰਢਿਆਂ ’ਤੇ ਬਣੇ ਕਈ ਨਹਿਰੀ ਰੈਸਟ ਹਾਊਸ ਲੰਮੇ ਸਮੇਂ ਤੋਂ ਬੰਦ ਪਏ ਹਨ ਅਤੇ ਇਨ੍ਹਾਂ ਦੀ ਹਾਲਤ ਵੀ ਖਸਤਾ ਹੋ ਚੁੱਕੀ ਹੈ। ਪਹਿਲੇ ਪੜਾਅ ਵਿੱਚ, ਰਾਜ ਸਰਕਾਰ ਨੇ ਸੱਤ ਰੈਸਟ ਹਾਊਸਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਨੂੰ ਪੀਪੀਪੀ ਮੋਡ ਦੁਆਰਾ ਚਲਾਇਆ ਜਾ ਸਕਦਾ ਹੈ। ਮੁੱਖ ਸਕੱਤਰ ਨੇ ਦੱਸਿਆ ਕਿ ਇਹ ਆਰਾਮ ਘਰ ਢੋਲਬਾਹਾ (ਹੁਸ਼ਿਆਰਪੁਰ), ਖੰਨਾ, ਬਨੂੜ, ਕੱਥੂ ਨੰਗਰ (ਅੰਮ੍ਰਿਤਸਰ), ਸਿੱਧਵਾਂ ਬੇਟ (ਲੁਧਿਆਣਾ) ਅਤੇ ਚਮਕੌਰ ਸਾਹਿਬ ਵਿਖੇ ਸਥਿਤ ਹਨ।
ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੈਸਟ ਹਾਊਸਾਂ ਦੀ ਮੁਰੰਮਤ ਕਰਦੇ ਸਮੇਂ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਇਨ੍ਹਾਂ ਦੀ ਵਿਰਾਸਤੀ ਦਿੱਖ ਨਾਲ ਛੇੜਛਾੜ ਨਾ ਕੀਤੀ ਜਾਵੇ ਅਤੇ ਪਰੰਪਰਾਗਤ ਦਿੱਖ ਨੂੰ ਬਰਕਰਾਰ ਰੱਖਦੇ ਹੋਏ ਇੰਟੀਰੀਅਰ ਨੂੰ ਮੌਜੂਦਾ ਲੋੜਾਂ ਮੁਤਾਬਕ ਡਿਜ਼ਾਇਨ ਕੀਤਾ ਜਾਵੇ। ਉਨ੍ਹਾਂ ਜਲ ਸਰੋਤ ਵਿਭਾਗ ਨੂੰ ਅਜਿਹੇ ਹੋਰ ਰੈਸਟ ਹਾਊਸਾਂ ਦੀ ਸ਼ਨਾਖਤ ਕਰਨ ਲਈ ਕਿਹਾ ਜੋ ਇਸ ਵੇਲੇ ਖਸਤਾ ਹਾਲਤ ਕਾਰਨ ਬੰਦ ਪਏ ਹਨ ਅਤੇ ਦੂਜੇ ਪੜਾਅ ਦੌਰਾਨ ਇਨ੍ਹਾਂ ਦਾ ਨਵੀਨੀਕਰਨ ਕੀਤਾ ਜਾਵੇ।
ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਐਮਡੀ ਪੀਆਈਡੀਬੀ ਮੁਹੰਮਦ ਤਇਅਬ ਅਤੇ ਵਧੀਕ ਐਮਡੀ ਯਸ਼ਨਜੀਤ ਸਿੰਘ ਹਾਜ਼ਰ ਸਨ।
