ਖੇਤੀਬਾੜੀ ਅਫ਼ਸਰ ਘਨੌਰ ਡਾ: ਰਣਜੋਧ ਸਿੰਘ ਦੀ ਅਗਵਾਈ ਹੇਠ ਅਨਾਜ ਮੰਡੀ ਮੰਡੋਲੀ, ਅਨਾਜ ਮੰਡੀ ਘਨੌਰ ਅਤੇ ਪਿੰਡ ਸੀਲ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਨੁੱਕੜ ਨਾਟਕ ਕਰਵਾਏ ਗਏ |
ਇਨ੍ਹਾਂ ਨੁੱਕੜ ਨਾਟਕਾਂ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਦੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀ ਸੰਦਾਂ ਦੀ ਵਰਤੋਂ ਕਰਕੇ ਇਸ ਦਾ ਸਹੀ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਜ਼ਮੀਨ ਦੀ ਸਿਹਤ ਸੰਭਾਲ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ। ਪਰਾਲੀ ਦਾ ਸਹੀ ਪ੍ਰਬੰਧਨ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਵਾਤਾਵਰਨ ਯਕੀਨੀ ਬਣਾਉਣ ਵਿੱਚ ਮਦਦ ਕਰ ਸਕਦਾ ਹੈ।
ਇਨ੍ਹਾਂ ਜਾਗਰੂਕਤਾ ਗਤੀਵਿਧੀਆਂ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਅਨੁਰਾਗ ਅੱਤਰੀ, ਖੇਤੀਬਾੜੀ ਵਿਸਥਾਰ ਅਫ਼ਸਰ ਮਨਪ੍ਰੀਤ ਸਿੰਘ, ਖੇਤੀਬਾੜੀ ਸਬ-ਇੰਸਪੈਕਟਰ ਬਲਜਿੰਦਰ ਸਿੰਘ ਅਤੇ ਸਰਬਜੀਤ ਸਿੰਘ, ਪਲਵਿੰਦਰ ਸਿੰਘ ਹਾਜ਼ਰ ਸਨ।
