Patiala News: ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਕੀਤੇ ਜਾ ਰਹੇ ਹਨ ਯਤਨ: ਮਮਤਾ ਖੁਰਾਣਾ ਸੇਠੀ
– ਬੱਚਿਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ ਜ਼ਰੂਰੀ: ਪ੍ਰਿਥੀ ਸਿੰਘ
ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.) ਪਟਿਆਲਾ ਮਮਤਾ ਖੁਰਾਣਾ ਸੇਠੀ ਦੀ ਅਗਵਾਈ ਹੇਠ ਢਿੱਲੋਂ ਫਨ ਵਰਲਡ ਪਟਿਆਲਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ। ਇਸ ਨੂੰ ਸਿੱਖਿਆ ਵਿਭਾਗ ਦੇ ਬਲਾਕ ਪਟਿਆਲਾ-2 ਤੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਿਥੀ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ |
ਇਸ ਮੌਕੇ ਬੀਪੀਈਓ ਪ੍ਰਿਥੀ ਸਿੰਘ ਨੇ ਦੱਸਿਆ ਕਿ ਇਸ ਵਿੱਦਿਅਕ ਟੂਰ ਦਾ ਮੁੱਖ ਮੰਤਵ ਇਨ੍ਹਾਂ ਬੱਚਿਆਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ, ਉਨ੍ਹਾਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਵਿਦਿਅਕ ਟੂਰ ਰਾਹੀਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਬਹੁਤ ਸਾਰੀ ਜਾਣਕਾਰੀ ਮਿਲਦੀ ਹੈ ਜੋ ਭਵਿੱਖ ਵਿੱਚ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਵਿੱਚ ਲਾਹੇਵੰਦ ਹੁੰਦੀ ਹੈ।
ਇਸ ਦੌਰੇ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਆਈ.ਈ.ਆਰ.ਟੀ. ਦੇ ਵਿਸ਼ੇਸ਼ ਅਧਿਆਪਕ ਅਤੇ ਸਟਾਫ਼ ਵੀ ਉਨ੍ਹਾਂ ਨਾਲ ਮੌਜੂਦ ਸੀ। ਬੱਚਿਆਂ ਦੀ ਸੁਰੱਖਿਆ, ਭੋਜਨ ਅਤੇ ਆਵਾਜਾਈ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਸੇਠੀ (ਸੈ.) ਨੇ ਕਿਹਾ ਕਿ ਵਿਭਾਗ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਿੱਖਿਆ ਅਤੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ‘ਤੇ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵਿਸ਼ੇਸ਼ ਕਦਮ ਚੁੱਕ ਰਹੀ ਹੈ।
ਇਸ ਮੌਕੇ ਬੱਚਿਆਂ ਸਮੇਤ ਡੀ.ਐਸ.ਈ.ਟੀ ਅਮਰਜੀਤ ਕੌਰ, ਫਿਜ਼ੀਓਥੈਰੇਪਿਸਟ ਰੀਤ ਕਮਲ ਕੌਰ ਅਤੇ ਰਵਿੰਦਰ ਸਿੰਘ ਵੀ ਹਾਜ਼ਰ ਸਨ।
