ਪਟਿਆਲਾ ਨਿਊਜ਼ : ਸੀਨੀਅਰ ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਪਟਿਆਲਾ ਦੇ ਰਾਜਕੁਮਾਰ ਸਿੰਘ ਸੰਧੂ ਨੇ 25 ਮੀਟਰ ਸੈਂਟਰ ਫਾਇਰ ਪਿਸਟਲ ਵਿੱਚ ਕਾਂਸੀ ਦਾ ਤਗਮਾ ਜਿੱਤਿਆ।
ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਦੇ ਹੋਣਹਾਰ ਖਿਡਾਰੀ ਰਾਜਕੁਮਾਰ ਸਿੰਘ ਸੰਧੂ ਅਤੇ ਉਨ੍ਹਾਂ ਦੀ ਟੀਮ ਦੇ ਉਂਕਾਰ ਗੋਇਲ ਅਤੇ ਅਮਨਪ੍ਰੀਤ ਸਿੰਘ ਨੇ ਕਤਰ ਦੇ ਦੋਹਾ ਵਿਖੇ ਹੋਈ ਸੀਨੀਅਰ ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਭਾਗ ਲਿਆ ਸੀ। ਉਨ੍ਹਾਂ ਦੀ ਟੀਮ ਨੇ 25 ਮੀਟਰ ਸੈਂਟਰ ਫਾਇਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ, ਪੰਜਾਬ ਅਤੇ ਪਟਿਆਲਾ ਦਾ ਨਾਂ ਰੌਸ਼ਨ ਕੀਤਾ। ਇਸ ਕਾਮਯਾਬੀ ਦਾ ਕਾਰਨ ਉਸ ਦੇ ਕੋਚ ਹਰਪ੍ਰੀਤ ਸਿੰਘ ਡੀ.ਐਸ.ਪੀ., ਪਿਤਾ ਐਡਵੋਕੇਟ ਭੁਪਿੰਦਰ ਸਿੰਘ ਸੰਧੂ ਦੀ ਸਖ਼ਤ ਮਿਹਨਤ ਅਤੇ ਲਗਨ ਹੈ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਵੀ ਕੋਚ ਹਰਪ੍ਰੀਤ ਸਿੰਘ ਡੀਐਸਪੀ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
