ਪੰਜਾਬ ਦੇ ਨੌਜਵਾਨਾਂ ਨੂੰ ਮੁਫਤ ਕੋਚਿੰਗ ਪ੍ਰਦਾਨ ਕਰਨ ਲਈ 10 ਸਟੇਟ ਆਫ ਦਿ ਆਰਟ ਯੂ.ਪੀ.ਐੱਸ.ਸੀ ਕੋਚਿੰਗ ਸੈਂਟਰ ਜਲਦ ਸ਼ੁਰੂ ਹੋਣਗੇ: ਸੀਐੱਮ ਮਾਨ –

ਪੰਜਾਬ ਦੇ ਨੌਜਵਾਨਾਂ ਨੂੰ ਮੁਫਤ ਕੋਚਿੰਗ ਪ੍ਰਦਾਨ ਕਰਨ ਲਈ 10 ਸਟੇਟ ਆਫ ਦਿ ਆਰਟ ਯੂ.ਪੀ.ਐੱਸ.ਸੀ ਕੋਚਿੰਗ ਸੈਂਟਰ ਜਲਦ ਸ਼ੁਰੂ ਹੋਣਗੇ: ਸੀਐੱਮ ਮਾਨ –


ਨੌਜਵਾਨਾਂ ਤੋਂ ਵਿਚਾਰ ਲੈਣ ਲਈ ਪੰਜਾਬ ਭਰ ਵਿੱਚ ਹਰ ਮਹੀਨੇ 2 “ਨੌਜਵਾਨ ਸਭਾ” ਕਰਵਾਈਆਂ ਜਾਣਗੀਆਂ: ਮੁੱਖ ਮੰਤਰੀ ਮਾਨ

ਚੰਡੀਗੜ੍ਹ, 7 ਅਪ੍ਰੈਲ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਨੌਜਵਾਨਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਚਲਾਉਣ ਲਈ ਕਈ ਨਵੀਆਂ ਯੋਜਨਾਵਾਂ ਸ਼ੁਰੂ ਕਰਨ ਦਾ ਐਲਾਨ ਕੀਤਾ।

ਇੱਥੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਕਈ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਵਿਆਜ ਮੁਕਤ ਕਰਜ਼ਾ ਮੁਹੱਈਆ ਕਰਵਾਉਣ ਲਈ ਜਲਦੀ ਹੀ ਇੱਕ ਸਕੀਮ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਉਹ ਨੌਜਵਾਨਾਂ ਨਾਲ ਸਿੱਧੀ ਗੱਲਬਾਤ ਲਈ ਮਹੀਨੇ ਵਿੱਚ ਦੋ ਵਾਰ ‘ਨੌਜਵਾਨ ਸਭਾ’ ਮੀਟਿੰਗਾਂ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮਕਸਦ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਅਤੇ ਉਨ੍ਹਾਂ ਦੀ ਫੀਡਬੈਕ ਅਤੇ ਸੁਝਾਅ ਪ੍ਰਾਪਤ ਕਰਨਾ ਹੈ ਤਾਂ ਜੋ ਸਰਕਾਰ ਉਨ੍ਹਾਂ ਲਈ ਨਵੇਂ ਕਾਰੋਬਾਰ ਸ਼ੁਰੂ ਕਰਨ ਅਤੇ ਹੋਰ ਨਿਵੇਕਲੇ ਪਹਿਲਕਦਮੀਆਂ ਕਰਨ ਲਈ ਢੁਕਵੀਆਂ ਨੀਤੀਆਂ ਤਿਆਰ ਕਰ ਸਕੇ। ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ, ਟਰਾਂਸਪੋਰਟ ਅਤੇ ਹੋਰ ਖੇਤਰਾਂ ਨੂੰ ਹੁਲਾਰਾ ਦੇਣ ਲਈ ਹਰ 15 ਦਿਨਾਂ ਬਾਅਦ ਨੌਜਵਾਨਾਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ 10 ਹਾਈ-ਟੈਕ ਸੈਂਟਰ ਖੋਲ੍ਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ‘ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਉੱਚ ਅਹੁਦਿਆਂ ‘ਤੇ ਬੈਠਣ ਨਾ ਕਿ ਜੇਲ੍ਹਾਂ ‘ਚ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਹੋ ਕੇ।

Leave a Reply

Your email address will not be published. Required fields are marked *