ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ


* *ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ ਇਕ ਸਾਲ ਵਿਚ 29000 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: ਮੀਤ ਹੇਅਰ*

ਚੰਡੀਗੜ੍ਹ, 16 ਮਈ:

ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ ਦੇ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ ਸਰੋਤ ਵਿਭਾਗ ਅਤੇ 26 ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ (ਪੀਡਬਲਯੂਆਰਐਮਡੀਸੀ) ਨਾਲ ਸਬੰਧਤ ਹਨ।

ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਸਰਕਾਰ ਦੀ ਪ੍ਰਸ਼ਾਸਨਿਕ ਮਸ਼ੀਨਰੀ ਵਿੱਚ ਆਮ ਲੋਕਾਂ ਦਾ ਵਿਸ਼ਵਾਸ ਮਜ਼ਬੂਤ ​​ਕਰਨ ਲਈ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ਼ ਇੱਕ ਸਾਲ ਦੇ ਅਰਸੇ ਵਿੱਚ 29,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਪੰਜਾਬ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੁਜ਼ਗਾਰ ਦੇ ਰਹੀ ਹੈ। ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰੋਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇਗੀ।

ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਜਿਸ ਕਰਕੇ ਨਵ-ਨਿਯੁਕਤ ਕਰਮਚਾਰੀ ਆਪਣੀਆਂ ਬਿਹਤਰ ਸੇਵਾਵਾਂ ਦੇ ਕੇ ਕਿਸਾਨਾਂ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ।

ਪੀ.ਡਬਲਿਊ.ਆਰ.ਐਮ.ਡੀ.ਸੀ. ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਵਿਭਾਗ ਨੂੰ ਮਜ਼ਬੂਤ ​​ਕਰਨ ਲਈ ਇਸ ਤੇਜ਼ੀ ਨਾਲ ਭਰਤੀ ਲਈ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਦਾ ਧੰਨਵਾਦ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪੀਡਬਲਿਊਆਰਐਮਡੀਸੀ ਦੇ ਮੈਨੇਜਿੰਗ ਡਾਇਰੈਕਟਰ ਪਵਨ ਕਪੂਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

———-

Leave a Reply

Your email address will not be published. Required fields are marked *