ਉਨ੍ਹਾਂ ਨੇ ਹਰ ਕੀਮਤ ‘ਤੇ ਸ਼ਾਂਤੀ ਬਣਾਈ ਰੱਖਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ
ਚੰਡੀਗੜ੍ਹ, 23 ਮਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਰੱਖਣ ਲਈ ਕਹਿਣ ਦੀ ਬਜਾਏ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣ।
ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦਾ ਸਖ਼ਤ ਨੋਟਿਸ ਲਿਆ ਕਿ ਹਰ ਸਿੱਖ ਕੋਲ ਆਧੁਨਿਕ ਹਥਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਅਸੀਂ ਇੱਕ ਸੱਭਿਅਕ ਸਮਾਜ ਵਿੱਚ ਰਹਿ ਰਹੇ ਹਾਂ ਜਿੱਥੇ ਦੇਸ਼ ਵਿੱਚ ਕਾਨੂੰਨ ਦਾ ਰਾਜ ਚੱਲਦਾ ਹੈ।” ਭਗਵੰਤ ਮਾਨ ਨੇ ਕਿਹਾ ਕਿ ਸੁਹਿਰਦ ਅਤੇ ਸਦਭਾਵਨਾ ਵਾਲੇ ਸਮਾਜ ਵਿੱਚ ਹਥਿਆਰਾਂ ਦੀ ਕੋਈ ਥਾਂ ਨਹੀਂ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਗੁਰਬਾਣੀ ਦੇ ਸੰਦੇਸ਼ ਨੂੰ ਪ੍ਰਸਾਰਿਤ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ‘ਸਰਬੱਤ ਦੇ ਭਲੇ’ ਦੀ ਕਲਪਨਾ ਕਰਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨੂੰ ਇਸ ਇਲਾਹੀ ਸੰਦੇਸ਼ ਨੂੰ ਸਰਬੱਤ ਦੇ ਭਲੇ ਲਈ ਪਹੁੰਚਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸਿੱਖਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਲੈਣ ਲਈ ਕਹਿਣ ਦੀ ਬਜਾਏ ਇਸ ਨੇਕ ਕਾਰਜ ਵੱਲ ਧਿਆਨ ਦੇਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹਰ ਕੀਮਤ ‘ਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਦਾ ਵਿਰੋਧ ਕਰਨ ਵਾਲੀਆਂ ਤਾਕਤਾਂ ਪਹਿਲਾਂ ਹੀ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਹਰ ਘਰ ਵਿੱਚ ਹਥਿਆਰਾਂ ਦੀ ਮੌਜੂਦਗੀ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਗੰਭੀਰ ਚੁਣੌਤੀ ਦੇ ਸਕਦੀ ਹੈ। ਸੂਬੇ ਭਰ ਵਿੱਚ ਆਪਸੀ ਸਦਭਾਵਨਾ ਅਤੇ ਭਾਈਵਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ।
The post ਹਥਿਆਰਾਂ ਦਾ ਗੁਣਗਾਨ ਕਰਨ ਦੀ ਬਜਾਏ ਸ਼ਾਂਤੀ ਤੇ ਭਾਈਚਾਰੇ ਦਾ ਸੰਦੇਸ਼ ਫੈਲਾਓ: ਮੁੱਖ ਮੰਤਰੀ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਕੀਤੀ ਅਪੀਲ appeared first on
