
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੇ ਲੋਕਾਂ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦੀ ਅੰਤਿਮ ਅਰਦਾਸ ਅਤੇ ਭੋਗ ਮੌਕੇ ਵਪਾਰਕ ਅਦਾਰੇ ਭਲਕੇ ਦੁਪਹਿਰ 1 ਵਜੇ ਤੱਕ ਬੰਦ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਇਕ ਪੋਸਟ ਸ਼ੇਅਰ ਕਰਕੇ ਇਹ ਅਪੀਲ ਕੀਤੀ ਹੈ। ਜਿਸ ਵਿੱਚ ਉਹਨਾਂ ਲਿਖਿਆ ਕਿ ਸਮੂਹ ਪੰਜਾਬੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸਵਰਗਵਾਸੀ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਜੀ ਦੇ ਭੋਗ ਸਮਾਗਮ ਮੌਕੇ ਸਾਰੇ ਵਪਾਰਕ ਅਦਾਰੇ ਕੱਲ ਸ਼ਾਮ 8 ਵਜੇ ਤੱਕ ਬੰਦ ਰੱਖਣ। ਇਸ ਤੋਂ ਇਲਾਵਾ, ਮੈਂ ਜਨਤਾ ਨੂੰ ਅਪੀਲ ਕਰਦਾ ਹਾਂ ਕਿ ਉਹ ਆਵਾਜਾਈ ਨੂੰ ਆਮ ਵਾਂਗ ਚਾਲੂ ਰੱਖਣ ਤਾਂ ਜੋ ਉਹ ਮਾਨਸਾ ਵਿਖੇ ਸਮਾਗਮ ਵਿੱਚ ਹਿੱਸਾ ਲੈਣ ਲਈ ਪਹੁੰਚ ਸਕਣ।
ਉਨ੍ਹਾਂ ਨੇ ਇੱਕ ਟਵੀਟ ਵੀ ਸਾਂਝਾ ਕੀਤਾ ਹੈ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲਾਡਲੇ ਪੁੱਤਰ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅਤੇ ਭੋਗ ਸਮਾਗਮ 8 ਜੂਨ ਨੂੰ ਦੁਪਹਿਰ 1 ਵਜੇ ਤੱਕ ਹੋਵੇਗਾ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਭਲਕੇ ਦੁਪਹਿਰ 1 ਵਜੇ ਤੱਕ ਸਾਰੇ ਵਪਾਰਕ ਅਦਾਰੇ ਬੰਦ ਰੱਖਣ ਅਤੇ ਸਾਰੇ ਮਾਨਸਾ ਪਹੁੰਚਣ।
ਅੱਜ ਮਾਨਸਾ ਬਾਰ ਐਸੋਸੀਏਸ਼ਨ ਨੇ ਵੱਡਾ ਫੈਸਲਾ ਲਿਆ ਹੈ। ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ ਕੋਈ ਵੀ ਵਕੀਲ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ। ਇਸ ਸਬੰਧੀ ਪੁਲਿਸ ਨੂੰ ਕਾਫ਼ੀ ਸਫ਼ਲਤਾ ਮਿਲੀ ਹੈ। ਮਾਨਸਾ ਪੁਲਿਸ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੇ ਨੇੜੇ ਪਹੁੰਚ ਰਹੀ ਹੈ। ਪੁਲਿਸ ਨੇ ਕਤਲਾਂ ਦੇ ਸਬੰਧ ਵਿੱਚ ਅੱਠ ਸ਼ਾਰਪਸ਼ੂਟਰਾਂ ਦੀ ਪਛਾਣ ਕੀਤੀ ਹੈ, ਜੋ ਕਿ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਦੱਸੇ ਜਾਂਦੇ ਹਨ ਅਤੇ ਇਹ ਸਾਰੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਹੋਏ ਹਨ।

