ਚੰਡੀਗੜ੍ਹ: ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਛੇਤੀ ਹੀ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਨੂੰ ਭਰੇਗੀ। ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਅੱਜ ਇੱਥੇ ਇਹ ਜਾਣਕਾਰੀ ਦਿੱਤੀ। ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ ਦੀ ਪਹਿਲੀ ਫੇਰੀ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾ ਰਹੀ ਹੈ। ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ (ਸੇਵਾਮੁਕਤ) ਨੇ ਮੰਤਰੀ ਨੂੰ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਅਤੇ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਟਾਫ਼ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਸੁਣਦਿਆਂ ਵਿਭਾਗ ਦੀ ਬਿਹਤਰੀ ਲਈ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਦੀ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਣ ਅਤੇ ਸਕੀਮਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
