ਚੰਡੀਗੜ, 25 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਏ.ਐਸ.ਆਈ ਕਰਮ ਸਿੰਘ (1131/ਫਿਰੋਜ਼ਪੁਰ), ਇੰਚਾਰਜ ਪੁਲਿਸ ਚੌਕੀ ਮਿੱਡੂਕੀ, ਥਾਣਾ ਘੱਲ ਖੁਰਦ, ਜਿਲਾ ਫਿਰੋਜ਼ਪੁਰ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਚੰਦੜ ਵਾਸੀ ਮੁਖਤਿਆਰ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਭ੍ਰਿਸ਼ਟਾਚਾਰ ਵਿਰੋਧੀ ਟੋਲ-ਫ੍ਰੀ ਹੈਲਪਲਾਈਨ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਦੋਸ਼ ਲਾਇਆ ਹੈ ਕਿ ਉਸ ਨੇ ਆਪਣੀ ਗਾਂ ਵੇਚਣ ਵਾਲੇ ਵਿਅਕਤੀ ਤੋਂ ਪੈਸੇ ਵਸੂਲਣ ਲਈ ਮੁਡੱਕੀ ਪੁਲਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਸ.ਆਈ ਕਰਮ ਸਿੰਘ ਉਸਦੇ ਸ਼ਿਕਾਇਤ ਦੇ ਕੇਸ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿਚਲੇ ਤੱਥਾਂ ਅਤੇ ਇਸ ਸਬੰਧੀ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਣ ਦੇ ਦੋਸ਼ ਵਿਚ ਦੋਸ਼ੀ ਏ.ਐਸ.ਆਈ. ਵਿਰੁੱਧ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕਰ ਲਿਆ ਹੈ।
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
