ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਇਕ ਬਿਲਡਿੰਗ ਇੰਸਪੈਕਟਰ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਕੌਂਸਲ ਬਰਨਾਲਾ ਵਿੱਚ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਰਸ਼ਪਾਲ ਸਿੰਘ ਵਾਸੀ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਢਿਆਇਆ ਚੌਕ ਬਰਨਾਲਾ ਵਿਖੇ ਸਥਿਤ ਆਪਣੀ ਮੋਟਰ ਵਰਕਸ਼ਾਪ ਦਾ ਨਕਸ਼ਾ ਕਲੀਅਰ ਕਰਨ ਲਈ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 25,000 ਰੁਪਏ ਵਿੱਚ ਤੈਅ ਹੋ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਸ਼ੀ ਦੇ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
