‘ਆਪ’ ਪਾਰਟੀ ‘ਚ ਜੋ ਵੀ ਗਲਤੀ ਕਰੇਗਾ, ਉਸ ਨੂੰ ਸਜ਼ਾ ਮਿਲੇਗੀ’- CM ਮਾਨ ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਗਰਮਾ-ਗਰਮ ਬਹਿਸ ਛਿੜ ਗਈ। ਪ੍ਰਤਾਪ ਬਾਜਵਾ ‘ਤੇ ਚੁਟਕੀ ਲੈਂਦਿਆਂ ਮਾਨ ਨੇ ਕਿਹਾ ਕਿ ਉਹ ਪੰਜਾਬ ਦੀ ਬਦਨਾਮੀ ਬਰਦਾਸ਼ਤ ਕਰ ਸਕਦੇ ਹਨ, ਪਰ ਕਾਂਗਰਸ ਦੀ ਬਦਨਾਮੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਵਿੱਚ ਜੋ ਵੀ ਗਲਤੀ ਕਰੇਗਾ ਉਸ ਨੂੰ ਸਜ਼ਾ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸੀ ਆਗੂਆਂ ਦੇ ਗੈਂਗਸਟਰਾਂ ਨਾਲ ਸਬੰਧਾਂ ਦੀ ਵੀ ਗੱਲ ਕੀਤੀ। ਦੂਜੇ ਪਾਸੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਆਲੋਚਨਾ ਕਰਦੇ ਹੋਏ ਪ੍ਰਤਾਪ ਬਾਜਵਾ ਨੇ ਪੁੱਛਿਆ ਕਿ ਪੰਜਾਬ ਵਿੱਚ ਕਿੰਨੇ ਮਾਮਲਿਆਂ ਦੀ ਜਾਂਚ ਅਜੇ ਪੈਂਡਿੰਗ ਹੈ?, ਸੀਐਮ ਮਾਨ ਨੇ ਕਿਹਾ ਕਿ ਹਰ ਮਾਮਲੇ ਦੀ ਜਾਂਚ ਵਿੱਚ ਸਮਾਂ ਲੱਗਦਾ ਹੈ ਅਤੇ ਹਰ ਕਿਸੇ ਦੀ ਆਪਣੀ ਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਪੰਜਾਬ ਦਾ ਪੈਸਾ ਖਾਧਾ ਹੈ, ਉਹ ਪੈਸਾ ਵਾਪਿਸ ਲਿਆ ਜਾਵੇਗਾ। ਇਸ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਇਹੀ ਸਿਸਟਮ ਹੈ ਤਾਂ ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਮੁੱਖ ਮੰਤਰੀ ਨੇ ਪ੍ਰਤਾਪ ਸਿੰਘ ਬਾਜਵਾ ਤੋਂ ਕਾਂਗਰਸੀ ਆਗੂਆਂ ਦੇ ਭਾਜਪਾ ‘ਚ ਸ਼ਾਮਲ ਹੋਣ ਬਾਰੇ ਵੀ ਸਵਾਲ ਉਠਾਏ ਅਤੇ ਪ੍ਰਤਾਪ ਬਾਜਵਾ ਨੂੰ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਸਾਬਕਾ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਗੁਰਦੀਪ ਕਾਂਗੜ, ਬਲਬੀਰ ਸਿੰਘ ਸਿੱਧੂ, ਮਨਪ੍ਰੀਤ ਬਾਦਲ ਅਤੇ ਫਤਿਹ ਜੰਗ ਬਾਜਵਾ-ਇਹ ਸਾਰੇ ਕਿੱਥੇ ਹਨ? ? ? ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਬਦਲਦੀ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਤੁਸੀਂ ਬਚ ਜਾਓਗੇ, ਜੇਕਰ ਤੁਸੀਂ ਪੰਜਾਬ ਦਾ ਪੈਸਾ ਖਾ ਲਿਆ ਹੈ ਤਾਂ ਤੁਹਾਨੂੰ ਸਜ਼ਾ ਜ਼ਰੂਰ ਮਿਲੇਗੀ। ਕਾਂਗਰਸ ਨੇਤਾ ਰਾਹੁਲ ਗਾਂਧੀ ਬਾਰੇ ਗੱਲ ਕਰਦੇ ਹੋਏ ਸੀਐਮ ਮਾਨ ਨੇ ਕਿਹਾ, “ਕਾਂਗਰਸ ਨੇਤਾ ਰਾਹੁਲ ਗਾਂਧੀ ਪੀਐਮ ਮੋਦੀ ਅਤੇ ਅਡਾਨੀ ਦੇ ਰਿਸ਼ਤੇ ‘ਤੇ ਸਵਾਲ ਉਠਾਉਂਦੇ ਹਨ, ਪਰ ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਕਾਂਗਰਸ ਨੇ ਅਡਾਨੀ ਨੂੰ ਪੂਰਾ ਮਹੱਤਵ ਦਿੱਤਾ ਹੈ।” ਪ੍ਰਤਾਪ ਬਾਜਵਾ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਰੇਤ ਤੋਂ ਸਾਲਾਨਾ 20,000 ਕਰੋੜ ਰੁਪਏ ਇਕੱਠੇ ਕਰਨ ਦੀ ਗਰੰਟੀ ‘ਤੇ ਵੀ ਸਵਾਲ ਚੁੱਕੇ ਹਨ, ਜਿਸ ‘ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਆਪਣੇ ਬਜਟ ਭਾਸ਼ਣ ਦੌਰਾਨ ਸਭ ਕੁਝ ਸਪੱਸ਼ਟ ਕਰਨਗੇ। ਸੀਐਮ ਮਾਨ ਨੇ ਅੱਗੇ ਕਿਹਾ, “ਮੈਂ ਸਭ ਨੂੰ ਦੱਸਾਂਗਾ ਕਿ ਕਿੰਨੇ ਕਾਂਗਰਸੀ ਮਾਫੀਆ ਫੜੇ ਗਏ ਹਨ, ਜਿਨ੍ਹਾਂ ਵਿੱਚ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਅਤੇ ਸਦਨ ਵਿੱਚ ਬੈਠੇ ਉਨ੍ਹਾਂ ਦੇ ਚਹੇਤੇ ਆਗੂ ਵੀ ਮੌਜੂਦ ਹਨ।” ਸੀਐਮ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਟਵੀਟ-ਟਵੀਟ ਖੇਡਣ ‘ਤੇ ਵੀ ਵਿਅੰਗ ਕਸਿਆ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੀ ਪੰਜਾਬ ਸਰਕਾਰ PSPCL ਦੇ 22,000 ਕਰੋੜ ਰੁਪਏ ਦੇ ਨੁਕਸਾਨ ਦੀ ਭਰਪਾਈ ਕਰੇਗੀ। ਦਾ ਅੰਤ