Patiala News: ਕੱਲਾ ਕੱਲਾ ਦਾਣਾ ਮੰਡੀਆਂ ‘ਚੋਂ ਚੁੱਕਿਆ ਜਾਵੇਗਾ ਅਤੇ ਕਿਸਾਨਾਂ ਦੇ ਖਾਤੇ ‘ਚ ਤੁਰੰਤ ਪਹੁੰਚ ਜਾਵੇਗੀ ਅਦਾਇਗੀ – ਲਾਲ ਚੰਦ ਕਟਾਰੂਚੱਕ
– *ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਨੇ ਮੰਡੀਆਂ ਦਾ ਦੌਰਾ ਕੀਤਾ ਅਤੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ**
– *ਕਿਹਾ, ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਸਬੰਧੀ ਨਿਰਵਿਘਨ ਪ੍ਰਕਿਰਿਆ ਕਾਇਮ ਕੀਤੀ*
ਪਟਿਆਲਾ, 20 ਅਪ੍ਰੈਲ:
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦਾਣਾ ਮੰਡੀ ਨਾਭਾ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਯਕੀਨੀ ਬਣਾਇਆ ਕਿ ਮੰਡੀ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ, ਜਿਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਖ਼ਤ ਹਦਾਇਤ ਕੀਤੀ ਗਈ ਹੈ।
ਮੰਤਰੀ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਵੱਲੋਂ 122 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ। ਇਸ ਟੀਚੇ ਨੂੰ ਹਾਸਲ ਕਰਨ ਲਈ ਸਰਕਾਰ ਨੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਉਨ੍ਹਾਂ ਕਿਹਾ ਕਿ ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਲਈ ਨਿਰਵਿਘਨ ਪ੍ਰਕਿਰਿਆ ਕਾਇਮ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 39 ਲੱਖ ਮੀਟ੍ਰਿਕ ਟਨ ਫਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ 34 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਇਸ ਦੌਰਾਨ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ। ਸਾਰੀਆਂ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਬਹੁਤ ਹੀ ਸੁਚਾਰੂ ਅਤੇ ਤੇਜ਼ੀ ਨਾਲ ਚੱਲ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੇ ਅਨਾਜ ਦਾ ਪੂਰਾ ਮੁੱਲ ਅਤੇ ਅਦਾਇਗੀ ਸਮੇਂ ਸਿਰ ਮਿਲ ਜਾਂਦੀ ਹੈ।
ਮੰਤਰੀ ਸ੍ਰੀ ਕਟਾਰੂਚੱਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਕਿਸਾਨਾਂ ਨੂੰ ਕਈ ਵਾਰ ਆਪਣੀਆਂ ਫ਼ਸਲਾਂ ਦੀ ਅਦਾਇਗੀ ਲੈਣ ਲਈ ਹਫ਼ਤਿਆਂ ਤੱਕ ਇੰਤਜ਼ਾਰ ਕਰਨਾ ਪੈਂਦਾ ਸੀ। ਇਸ ਲੰਮੇ ਸਮੇਂ ਤੋਂ ਖਰੀਦ ਪ੍ਰਕਿਰਿਆ ਠੱਪ ਹੋਣ ਕਾਰਨ ਕਈ ਵਾਰ ਮੰਡੀਆਂ ਵਿੱਚ ਧਰਨੇ ਅਤੇ ਹੜਤਾਲਾਂ ਵੀ ਕੀਤੀਆਂ ਗਈਆਂ। ਪਰ ਇਸ ਵਾਰ ਪੰਜਾਬ ਸਰਕਾਰ ਨੇ ਇਸ ਸਮੱਸਿਆ ਦਾ ਹੱਲ ਕਰਕੇ ਮੰਡੀ ਦੀ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਸਾਲ ਲਈ ਘੱਟੋ-ਘੱਟ ਸਮਰਥਨ ਮੁੱਲ 2585 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਪੂਰਾ ਮੁੱਲ ਮਿਲਣਾ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਪ੍ਰਕਿਰਿਆ ਤਹਿਤ ਹੁਣ ਤੱਕ 1818 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚਾਏ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਾਲ ਖਰੀਦ ਪ੍ਰਕ੍ਰਿਆ ਵਿੱਚ ਕਿਸਾਨਾਂ ਲਈ ਸ਼ਾਨਦਾਰ ਰਿਕਾਰਡ ਕਾਇਮ ਕੀਤਾ ਹੈ ਅਤੇ ਇਹ ਪ੍ਰਕਿਰਿਆ ਪ੍ਰਮਾਣਿਕ ਅਤੇ ਸਹਿਕਾਰੀ ਢੰਗ ਨਾਲ ਚਲਾਈ ਜਾ ਰਹੀ ਹੈ। ਇਸ ਸਾਲ ਸਰਕਾਰ ਨੇ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਅਤੇ ਅਦਾਇਗੀ ਵਿੱਚ ਮਹੱਤਵਪੂਰਨ ਸੁਧਾਰ ਕੀਤੇ ਹਨ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਇਆ ਹੈ।
ਸ੍ਰੀ ਕਟਾਰੂਚੱਕ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਮੁਢਲਾ ਉਦੇਸ਼ ਕਿਸਾਨਾਂ ਨੂੰ ਪੂਰੀ ਰਕਮ ਦੀ ਸਪੁਰਦਗੀ ਅਤੇ ਸਹਾਇਤਾ ਨਾਲ ਖਰੀਦ ਪ੍ਰਕਿਰਿਆ ਨੂੰ ਤੇਜ਼ ਕਰਨਾ ਹੈ। ਪੰਜਾਬ ਸਰਕਾਰ ਦਾ ਇਹ ਵਾਅਦਾ ਹੈ ਕਿ ਕਿਸਾਨਾਂ ਨੂੰ ਅਦਾਇਗੀ ਦੇ ਨਾਲ-ਨਾਲ ਉਨ੍ਹਾਂ ਦੀਆਂ ਫਸਲਾਂ ਦੀ ਖਰੀਦ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਮੁਕੰਮਲ ਕੀਤੀ ਜਾਵੇਗੀ।
ਇਸ ਮੌਕੇ ਨਾਭਾ ਦੇ ਐਸਡੀਐਮਏਪੀਐਸ ਸੋਮਲ, ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਡਾ: ਰਵਿੰਦਰ ਕੌਰ, ਡੀਐਮ ਵੇਅਰਹਾਊਸ ਨਿਰਮਲ ਸਿੰਘ, ਡੀਐਮ ਪਨਸਪ ਬਨਦੀਪ, ਡੀਐਮ ਮਾਰਕਫੈੱਡ ਵਿਪਨ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
