– ਕਿਸਾਨਾਂ ਨੂੰ ਜਾਗਰੂਕਤਾ ਵਧਾਉਣ ਤੋਂ ਲੈ ਕੇ ਸੀਆਰਐਮ ਮਸ਼ੀਨਰੀ ਮੁਹੱਈਆ ਕਰਵਾਉਣ ਤੱਕ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਅਤੇ ਸਹਿਕਾਰੀ ਸਭਾਵਾਂ ਰਾਹੀਂ ਉਪਲਬਧ ਸਹੂਲਤਾਂ ਦਾ ਲਾਭ ਉਠਾਉਣਾ ਚਾਹੀਦਾ ਹੈ-ਸੰਗਰਾਮ ਸਿੰਘ ਸੰਧੂ।
ਸਹਿਕਾਰਤਾ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਜ਼ਮੀਨੀ ਪੱਧਰ ‘ਤੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਨੇ ਕਿਸਾਨਾਂ ਤੱਕ ਸਿੱਧੀ ਪਹੁੰਚ ਕਾਇਮ ਕਰਨ ਲਈ ਜ਼ਿਲ੍ਹੇ ਦੀਆਂ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਇਸ ਮੁਹਿੰਮ ਦਾ ਅਹਿਮ ਹਿੱਸਾ ਬਣਾਇਆ ਹੈ, ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਇਸ ਦੇ ਬਦਲਵੇਂ ਪ੍ਰਬੰਧ ਲਈ ਵੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਪਟਿਆਲਾ ਸੰਗਰਾਮ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਹਿਕਾਰੀ ਸਭਾਵਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਵਾਤਾਵਰਨ, ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਵਿੱਚ ਸਭਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਲਈ ਮਤੇ ਪਾਸ ਕੀਤੇ ਜਾ ਰਹੇ ਹਨ।
ਸਹਿਕਾਰਤਾ ਵਿਭਾਗ ਕਿਸਾਨਾਂ ਦੀ ਸਭ ਤੋਂ ਵੱਡੀ ਲੋੜ ਅਰਥਾਤ ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਉਪਲਬਧਤਾ ਵੱਲ ਵਿਸ਼ੇਸ਼ ਧਿਆਨ ਦੇ ਰਿਹਾ ਹੈ। ਇਸ ਤਹਿਤ ਸਹਿਕਾਰੀ ਸਭਾਵਾਂ ਵਿੱਚ ਉਪਲਬਧ ਸੁਪਰ ਸੀਡਰ, ਬੇਲਰ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਅਤੇ ਸੁਸਾਇਟੀਆਂ ਵਿੱਚ ਫਲੈਕਸ ਬੋਰਡ ਲਗਾਏ ਜਾ ਰਹੇ ਹਨ, ਤਾਂ ਜੋ ਕਿਸਾਨ ਆਪਣੇ ਨੇੜੇ ਉਪਲਬਧ ਮਸ਼ੀਨਰੀ ਅਤੇ ਸਹੂਲਤਾਂ ਬਾਰੇ ਆਸਾਨੀ ਨਾਲ ਜਾਣਕਾਰੀ ਪ੍ਰਾਪਤ ਕਰ ਸਕਣ।
ਕਿਸਾਨਾਂ ਨੂੰ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ‘ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਬਿਨਾਂ ਕਿਰਾਏ ‘ਤੇ ਸੀਆਰਐਮ ਮਸ਼ੀਨਰੀ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਸ਼ੀਨਰੀ ਦੀ ਰੋਜ਼ਾਨਾ ਵਰਤੋਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਬੰਧਤ ਪੋਰਟਲ ‘ਤੇ ਰਿਪੋਰਟ ਕੀਤੀ ਜਾ ਰਹੀ ਹੈ।
ਇਸ ਸਮੁੱਚੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ, ਪਟਿਆਲਾ ਨੇ ਜ਼ਿਲ੍ਹੇ ਦੇ ਸਮੂਹ ਸਹਾਇਕ ਰਜਿਸਟਰਾਰਾਂ ਅਤੇ ਫੀਲਡ ਸਟਾਫ਼ ਨੂੰ ਸਰਗਰਮ ਕਰ ਦਿੱਤਾ ਹੈ। ਸਹਾਇਕ ਰਜਿਸਟਰਾਰ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਸਹਿਕਾਰੀ ਸਭਾਵਾਂ ਦਾ ਦੌਰਾ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ, ਮਸ਼ੀਨਰੀ ਦੀ ਉਪਲਬਧਤਾ ਅਤੇ ਸਹੂਲਤਾਂ ਦਾ ਨਿਰੀਖਣ ਕਰ ਰਹੇ ਹਨ।
ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ, ਪਟਿਆਲਾ ਸੰਗਰਾਮ ਸਿੰਘ ਸੰਧੂ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਦਾ ਪਿੰਡ ਪੱਧਰ ‘ਤੇ ਕਿਸਾਨਾਂ ਨਾਲ ਸਿੱਧਾ ਰਾਬਤਾ ਹੁੰਦਾ ਹੈ, ਇਸ ਲਈ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਵਿਭਾਗ ਦਾ ਉਦੇਸ਼ ਨਾ ਸਿਰਫ਼ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਾ ਹੈ ਸਗੋਂ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਸਹੂਲਤਾਂ ਨਾਲ ਜੋੜਨਾ ਵੀ ਹੈ।
ਸੰਗਰਾਮ ਸਿੰਘ ਸੰਧੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਹਿਕਾਰੀ ਸਭਾਵਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਖੇਤੀ ਮਸ਼ੀਨਰੀ ਅਤੇ ਸਹੂਲਤਾਂ ਦਾ ਲਾਭ ਉਠਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਸਹਿਯੋਗ ਦੇਣ।
