Patiala News: ਮਹਿਲਾ ਦਿਵਸ ਮੌਕੇ ਸੈਲਫ ਹੈਲਪ ਗਰੁੱਪਾਂ ਨਾਲ ਜੁੜੀਆਂ ਔਰਤਾਂ ਦਾ ਸਿਹਤ ਮੰਤਰੀ ਵੱਲੋਂ ਸਨਮਾਨ
ਔਰਤਾਂ ਸਮਾਜ ਦੀ ਮਜ਼ਬੂਤ ਨੀਂਹ ਹਨ: ਬਲਬੀਰ ਸਿੰਘ
ਅਗਲੇ ਪੜਾਅ ‘ਚ ਜ਼ਿਲ੍ਹਾ ਤੇ ਸੂਬਾ ਪੱਧਰ ‘ਤੇ ਕੀਤਾ ਜਾਵੇਗਾ ਸਨਮਾਨਿਤ- ਸਿਹਤ ਮੰਤਰੀ ਸ
ਪਟਿਆਲਾ, 7 ਮਾਰਚ:
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਟਿਆਲਾ ਦੇ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿੱਚ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤਹਿਤ ਬਲਾਕ ਪੱਧਰ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਵਾਲੀਆਂ ਔਰਤਾਂ ਨੂੰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਉਨ੍ਹਾਂ ਮਿਹਨਤੀ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਜੋ ਸੈਲਫ ਹੈਲਪ ਗਰੁੱਪਾਂ ਰਾਹੀਂ ਕੰਮ ਲੈ ਕੇ ਛੋਟੇ ਕਾਰੋਬਾਰ ਤੋਂ ਵੱਡਾ ਕਾਰੋਬਾਰ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੀਆਂ ਹਨ।
ਇਸ ਮੌਕੇ ਡਾ: ਬਲਬੀਰ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਔਰਤਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਹਰ ਖੇਤਰ ਵਿਚ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਔਰਤਾਂ ਅੱਗੇ ਆ ਰਹੀਆਂ ਹਨ ਅਤੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਵਿਸ਼ੇਸ਼ ਔਰਤਾਂ ਨੂੰ ਸਨਮਾਨਿਤ ਕੀਤਾ ਜੋ ਹੱਥੀਂ ਕਿਰਤ ਕਰਕੇ ਸਮਾਜ ਲਈ ਪ੍ਰੇਰਨਾ ਸਰੋਤ ਬਣੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਔਰਤਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਉਹ ਸਮਾਜ ਸੇਵਾ ਅਤੇ ਆਪਣੇ ਕੰਮਾਂ ਨੂੰ ਹੋਰ ਵੀ ਉਤਸ਼ਾਹ ਨਾਲ ਕਰ ਸਕਣ।
ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਨਮਾਨਿਤ ਕਰਨ ਦੀ ਇਹ ਪ੍ਰਕਿਰਿਆ ਬਲਾਕ ਪੱਧਰ ਤੋਂ ਸ਼ੁਰੂ ਕੀਤੀ ਗਈ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰ ‘ਤੇ ਅਤੇ ਫਿਰ ਰਾਜ ਪੱਧਰ ‘ਤੇ ਵੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਵਿਭਾਗਾਂ ਦੇ ਅਧਿਕਾਰੀ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ।

