ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਦੂਕਾ ਮੇਰਾ ਨਾਮ’ ਸਕੀਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਅਤੇ ਸੂਬਾ ਪ੍ਰਧਾਨ ਵਪਾਰ ਵਿੰਗ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ 100 ਫੀਸਦੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪ੍ਰਸ਼ਾਸਨ ਅਤੇ ਵਪਾਰੀਆਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਇਸ ਮੌਕੇ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ, ਜ਼ਿਲ੍ਹਾ ਚੇਅਰਮੈਨ ਵਪਾਰ ਕਮਿਸ਼ਨ ਵਿਨੋਦ ਸਿੰਗਲਾ, ਮੈਂਬਰ ਵਪਾਰ ਕਮਿਸ਼ਨ ਸੰਜੀਵ ਗੁਪਤਾ ਵੀ ਹਾਜ਼ਰ ਸਨ।
ਅਨਿਲ ਠਾਕੁਰ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਅਤੇ ਲੋੜੀਂਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ, ਤਾਂ ਜੋ ਯੋਗ ਦੁਕਾਨਦਾਰ ਇਸ ਸਕੀਮ ਦਾ ਲਾਭ ਲੈ ਸਕਣ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਦੀ ਜੋ ਪਹਿਲਕਦਮੀ ਕੀਤੀ ਗਈ ਹੈ, ਉਸ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਇਸ ਸਕੀਮ ਨੂੰ ਸਾਰੇ ਸਬੰਧਤ ਵਿਭਾਗਾਂ ਅਤੇ ਵਪਾਰੀਆਂ ਦੇ ਸਹਿਯੋਗ ਨਾਲ ਲਾਗੂ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
ਚੇਅਰਮੈਨ ਨੇ ਦੁਕਾਨਦਾਰਾਂ ਨੂੰ ਕਿਹਾ ਕਿ ਜੋ ਇਸ ਸਕੀਮ ਤਹਿਤ ਆਪਣੀ ਦੁਕਾਨ ਦੀ ਮਾਲਕੀ ਲੈਣਾ ਚਾਹੁੰਦੇ ਹਨ, ਉਹ ਆਪਣਾ ਫਾਰਮ ਭਰ ਕੇ 6 ਤਰੀਕ ਤੱਕ ਜਮ੍ਹਾ ਕਰਵਾ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜੋ ਦੁਕਾਨਦਾਰ ਇਸ ਸਕੀਮ ਤਹਿਤ ਮਾਲਕੀ ਲੈਣ ਦੇ ਇੱਛੁਕ ਨਹੀਂ ਹਨ, ਉਹ ਇਸ ਸਬੰਧੀ ਆਪਣੀ ਸਹਿਮਤੀ ਨਾ ਹੋਣ ਬਾਰੇ ਲਿਖਤੀ ਰੂਪ ਵਿੱਚ ਸੂਚਿਤ ਕਰਨ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।
