Patiala News: ਵਿਧਾਇਕ ਕੋਹਲੀ ਦੀ ਮੌਜੂਦਗੀ ‘ਚ ਮੁੱਖ ਮੰਤਰੀ ਦੀ ਯਾਤਰਾ ਪਟਿਆਲਾ ਤੋਂ ਸ਼ੁਰੂ
ਯਾਤਰਾ ਦੀ ਸ਼ੁਰੂਆਤ ਹਰੀ ਝੰਡੀ ਦਿਖਾ ਕੇ ਕੀਤੀ ਗਈ
ਪਟਿਆਲਾ, 9 ਫਰਵਰੀ:
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਧਾਰਮਿਕ ਭਾਵਨਾਵਾਂ ਨਾਲ ਸਬੰਧਤ ਪੰਜਾਬ ਸਰਕਾਰ ਦੀ ਅਹਿਮ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਟਿਆਲਾ ਤੋਂ ਸ਼ਰਧਾਲੂਆਂ ਦੇ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਆਦਿ ਦੇ ਦਰਸ਼ਨ ਕਰਨਗੇ।
ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ, ਇਲਾਕਾ ਨਿਵਾਸੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਹਰ ਵਰਗ ਦੇ ਲੋਕਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦੇਣਾ ਹੈ, ਖਾਸ ਕਰਕੇ ਜਿਹੜੇ ਲੋਕ ਆਰਥਿਕ ਕਾਰਨਾਂ ਕਰਕੇ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰ ਰਹੀ ਹੈ ਅਤੇ ਤੀਰਥ ਯਾਤਰਾ ਸਕੀਮ ਇਸ ਦੀ ਸ਼ਾਨਦਾਰ ਮਿਸਾਲ ਹੈ। ਇਸ ਯੋਜਨਾ ਤਹਿਤ ਯਾਤਰੀਆਂ ਨੂੰ ਮੁਫਤ ਆਵਾਜਾਈ, ਰਿਹਾਇਸ਼ ਅਤੇ ਖਾਣ-ਪੀਣ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਵਿਧਾਇਕ ਕੋਹਲੀ ਨੇ ਕਿਹਾ ਕਿ ਇਹ ਯਾਤਰਾ ਧਾਰਮਿਕ ਹੀ ਨਹੀਂ ਸਗੋਂ ਸਮਾਜਿਕ ਏਕਤਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਜ਼ਰੀਆ ਵੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪਟਿਆਲਾ ਹਲਕੇ ਤੋਂ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਹੋਰ ਟੀਮਾਂ ਭੇਜੀਆਂ ਜਾਣਗੀਆਂ।
ਇਸ ਮੌਕੇ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯਾਤਰਾ ਉਨ੍ਹਾਂ ਲਈ ਜ਼ਿੰਦਗੀ ਭਰ ਦੀ ਯਾਦਗਾਰੀ ਯਾਤਰਾ ਹੋਵੇਗੀ | ਕਈ ਸ਼ਰਧਾਲੂਆਂ ਨੇ ਭਾਵੁਕ ਹੋ ਕੇ ਕਿਹਾ ਕਿ ਉਹ ਪਹਿਲੀ ਵਾਰ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਜਾ ਰਹੇ ਹਨ।
ਸਮਾਗਮ ਦੇ ਅੰਤ ਵਿੱਚ ਵਿਧਾਇਕ ਕੋਹਲੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤਾਂ ਦਾ ਪੂਰਾ ਖਿਆਲ ਰੱਖਿਆ ਜਾਵੇ। ਇਸ ਮੌਕੇ ਐਸਡੀਐਮ ਹਰਜੋਤ ਕੌਰ, ਮੁੱਖ ਮੰਤਰੀ ਫੀਲਡ ਅਫਸਰ ਸਤੀਸ਼ ਚੰਦਰ, ਡੀਪੀਓ ਪਰਦੀਪ ਗਿੱਲ, ਤੀਰਥ ਯਾਤਰਾ ਕੋਆਰਡੀਨੇਟਰ ਰਮਨਪ੍ਰੀਤ ਕੌਰ ਬਾਲੀ, ਵਾਰਡ ਨੰਬਰ 59 ਇੰਚਾਰਜ ਵੀਰਪਾਲ ਕੌਰ ਚਾਹਲ ਸੁਪਰਡੈਂਟ ਨਗਰ ਨਿਗਮ ਦਰਪਨ ਕੁਮਾਰ ਹਾਜ਼ਰ ਸਨ।

