ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਦੇ ਹੋਏ ਅੱਜ ਹਲਕਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਰਸਮੀ ਉਦਘਾਟਨ ਕੀਤਾ। ਇਲਾਕਾ ਨਿਵਾਸੀਆਂ ਨੇ ਇਸ ਵਿਕਾਸ ਕਾਰਜ ਲਈ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਦੇ ਬਣਨ ਨਾਲ ਉਨ੍ਹਾਂ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ।
ਵਿਧਾਇਕ ਕੋਹਲੀ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਸਨੌਰ ਰੋਡ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਨਾ ਸਿਰਫ਼ ਸਹੂਲਤ ਮਿਲੇਗੀ, ਸਗੋਂ ਫਲੱਡ ਕੰਟਰੋਲ ਰੂਮ ਤੱਕ ਪਹੁੰਚ ਵੀ ਆਸਾਨ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਹਰ ਵਾਰਡ ਵਿੱਚ ਪਹਿਲ ਦੇ ਆਧਾਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਨਿਰੰਤਰ ਜਾਰੀ ਰਹੇਗੀ।
ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਵਿਧਾਇਕ ਨੂੰ ਵਿਸ਼ਵਾਸ ਦਿਵਾਇਆ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਇਨ੍ਹਾਂ ਪ੍ਰਾਜੈਕਟਾਂ ਦਾ ਪੂਰਾ ਲਾਭ ਮਿਲ ਸਕੇ।
ਇਸ ਮੌਕੇ ਐਮਸੀ ਹਰਪ੍ਰੀਤ ਸਿੰਘ, ਐਕਸੀਅਨ ਪ੍ਰਤੀਕ ਸਿੰਗਲਾ, ਐਸ.ਡੀ.ਓ ਪੁਨੀਤ ਮਿੱਤਲ, ਰਜਿੰਦਰ ਸਿੰਘ, ਮਨਿੰਦਰ ਸਿੰਘ, ਜਗਮੀਤ ਸਿੰਘ ਜੱਗਾ, ਕਿਰਪਾਲ ਸਿੰਘ, ਨਿੰਦਰ ਕਾਹਲੋਂ, ਵਿਜੇ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
