* ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
28 ਜੁਲਾਈ ਨੂੰ ਸ਼ਾਮ 6:30 ਵਜੇ ਰਾਜਪੁਰਾ ਰੋਡ ਸਥਿਤ ਆਤਮਾ ਰਾਮ ਕੁਮਾਰ ਸਭਾ ਗਰਾਊਂਡ, ਪਟਿਆਲਾ ਵਿਖੇ ਹੋਣ ਵਾਲੇ ਵਿਸ਼ਾਲ ਧਾਰਮਿਕ ਸਮਾਗਮ “ਏਕ ਸ਼ਾਮ ਸ਼ਿਵ ਕੇ ਨਾਮ” ਦਾ ਸੱਦਾ ਪੱਤਰ ਅੱਜ ਸਰਕਟ ਹਾਊਸ ਵਿਖੇ ਰਸਮੀ ਤੌਰ ‘ਤੇ ਜਾਰੀ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ, ਪੰਜਾਬ ਸਰਕਾਰ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਸਲਾਹਕਾਰ ਦੀਪਕ ਬਾਲੀ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ, ਸਨਾਤਨ ਸੇਵਾ ਸਮਿਤੀ ਦੇ ਕੌਮੀ ਪ੍ਰਧਾਨ ਵਿਜੇ ਸ਼ਰਮਾ, ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ‘ਆਪ’ ਜ਼ਿਲ੍ਹਾ ਪ੍ਰਧਾਨ (ਸ਼ਹਿਰੀ ਯੋਜਨਾ ਕਮੇਟੀ) ਤੇ ਮੇਹਲੀ ਜ਼ਿਲ੍ਹਾ ਪ੫ਧਾਨ ਮੇਹਲੀ ਦੇ ਚੇਅਰਮੈਨ ਸ. ਕੁੰਦਨ ਗੋਗੀਆ, ਚੇਅਰਮੈਨ ਹਰਪਾਲ ਸਿੰਘ ਵਿਰਕ ਅਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਸ਼ਾਮਲ ਸਨ।
ਇਸ ਮੌਕੇ ਦੀਪਕ ਬਾਲੀ ਅਤੇ ਵਿਜੇ ਸ਼ਰਮਾ ਨੇ ਕਿਹਾ ਕਿ “ਏਕ ਸ਼ਾਮ ਸ਼ਿਵ ਕੇ ਨਾਮ” ਸਿਰਫ਼ ਇੱਕ ਧਾਰਮਿਕ ਪ੍ਰੋਗਰਾਮ ਨਹੀਂ ਹੈ, ਸਗੋਂ ਭਗਵਾਨ ਸ਼ਿਵ ਦੀ ਸ਼ਰਧਾ, ਸਮਾਜਿਕ ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਇੱਕ ਵਿਸ਼ਾਲ ਜਸ਼ਨ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਭਰ ਦੇ ਨਾਮਵਰ ਭਗਤ ਗਾਇਕ ਭਗਵਾਨ ਸ਼ਿਵ ਦੀ ਉਸਤਤ ਵਿੱਚ ਭਜਨ ਕਰਨਗੇ ਅਤੇ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਬਾਅਦ ਵਿੱਚ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਪ੍ਰੋਗਰਾਮ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸੁਰੱਖਿਆ ਪ੍ਰਬੰਧਾਂ, ਟਰੈਫਿਕ ਪ੍ਰਬੰਧ, ਪਾਰਕਿੰਗ, ਸੈਨੀਟੇਸ਼ਨ, ਬਿਜਲੀ ਸਪਲਾਈ, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤਾਂ, ਫਾਇਰ ਸੇਫਟੀ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ, ਐਸਡੀਐਮ ਅਤੇ ਹੋਰ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ਅਤੇ ਸਮਾਗਮ ਨੂੰ ਸੁਚਾਰੂ, ਸੁਰੱਖਿਅਤ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਹ ਫੈਸਲਾ ਕੀਤਾ ਗਿਆ ਕਿ ਸਾਰੇ ਵਿਭਾਗ ਹਰ ਲੋੜੀਂਦੇ ਪ੍ਰਬੰਧ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਸ਼ਰਧਾਲੂਆਂ ਨੂੰ ਉੱਤਮ ਸੰਭਵ ਸਹੂਲਤਾਂ ਪ੍ਰਦਾਨ ਕਰਨ ਲਈ ਨਜ਼ਦੀਕੀ ਤਾਲਮੇਲ ਨਾਲ ਕੰਮ ਕਰਨਗੇ।
