Patiala News: ਸਿਹਤ ਮੰਤਰੀ ਵੱਲੋਂ ਵਿਧਾਇਕਾਂ ਤੇ ਅਧਿਕਾਰੀਆਂ ਨੂੰ ਨਾਲ ਲੈ ਕੇ ਹੈਲਥ ਕਾਰਡ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼
*ਨੌਜਵਾਨਾਂ ਲਈ ਸਿਹਤ ਬੀਮਾ ਕਾਰਡ ਬਣਾ ਕੇ ਰੁਜ਼ਗਾਰ ਦੇ ਮੌਕੇ*- *ਡਾ. ਬਲਬੀਰ ਸਿੰਘ*
ਪਟਿਆਲਾ, 13 ਫਰਵਰੀ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਸਮੂਹ ਵਿਧਾਇਕਾਂ, ਐਸ.ਡੀ.ਐਮ. ਐਸ.ਐਮ.ਓ ਅਤੇ ਸੇਵਾ ਕੇਂਦਰ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮਕਸਦ ਇਹ ਸੀ ਕਿ ਇਸ ਸਕੀਮ ਨੂੰ ਜ਼ਿਲ੍ਹੇ ਵਿੱਚ ਸਹੀ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਇਸ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚੇ।
ਮੀਟਿੰਗ ਦੌਰਾਨ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਦੇਸ਼ ਵਿੱਚ ਪਹਿਲੀ ਵਾਰ ਇਸ ਪੱਧਰ ’ਤੇ ਲਾਗੂ ਕੀਤੀ ਗਈ ਹੈ ਜੋ ਕਿ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਸਿਹਤ ਕ੍ਰਾਂਤੀ ਅਤੇ ਸਿੱਖਿਆ ਕ੍ਰਾਂਤੀ ਤਹਿਤ ਆਮ ਆਦਮੀ ਕਲੀਨਿਕ, ਮੁਫ਼ਤ ਦਵਾਈਆਂ ਅਤੇ ਯੋਗਾ ਕੇਂਦਰ ਵਰਗੀਆਂ ਭਲਾਈ ਸਕੀਮਾਂ ਪਹਿਲਾਂ ਹੀ ਸਫਲਤਾਪੂਰਵਕ ਚੱਲ ਰਹੀਆਂ ਹਨ। ਹੁਣ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਸੂਬੇ ਦੇ ਹਰ ਵਰਗ ਨੂੰ ਸਿਹਤ ਸੁਰੱਖਿਆ ਦੀ ਗਾਰੰਟੀ ਦਿੱਤੀ ਜਾ ਰਹੀ ਹੈ।
ਸਿਹਤ ਮੰਤਰੀ ਨੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਲੈਪਟਾਪ ਅਤੇ ਡਿਜੀਟਲ ਸਾਧਨਾਂ ਦੀ ਵਰਤੋਂ ਕਰਕੇ ਆਨਲਾਈਨ ਸਿਹਤ ਬੀਮਾ ਕਾਰਡ ਬਣਾਉਣ ਵਿੱਚ ਹਿੱਸਾ ਲੈਣ ਅਤੇ ਰੁਜ਼ਗਾਰ ਦੇ ਸੁਨਹਿਰੀ ਮੌਕੇ ਦਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਬਹੁਤ ਆਸਾਨ ਹੈ ਅਤੇ ਘਰ ਬੈਠੇ ਹੀ ਕੀਤੀ ਜਾ ਸਕਦੀ ਹੈ।
ਡਾ: ਬਲਬੀਰ ਸਿੰਘ ਨੇ ਔਰਤਾਂ ਨੂੰ ਵਿਸ਼ੇਸ਼ ਤੌਰ ‘ਤੇ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵੀ ਘਰ ਬੈਠੇ ਹੀ ਆਨਲਾਈਨ ਕਾਰਡ ਬਣਾ ਕੇ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣ ਸਕਦੀਆਂ ਹਨ |
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਸ ਸਕੀਮ ਦੀ ਜਾਣਕਾਰੀ ਘਰ-ਘਰ ਪਹੁੰਚਾਈ ਜਾਵੇ ਅਤੇ ਕੋਈ ਵੀ ਯੋਗ ਪਰਿਵਾਰ ਇਸ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦਾ ਹਰ ਨਾਗਰਿਕ ਬਿਹਤਰ ਸਿਹਤ ਸੇਵਾਵਾਂ ਦਾ ਲਾਭ ਲੈ ਸਕੇ ਅਤੇ ਕਿਸੇ ਨੂੰ ਵੀ ਇਲਾਜ ਲਈ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ।
ਅੰਤ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕ ਭਲਾਈ ਦੇ ਫੈਸਲੇ ਲਏ ਜਾਣਗੇ ਤਾਂ ਜੋ ਪੰਜਾਬ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਇਆ ਜਾ ਸਕੇ।
ਇਸ ਮੌਕੇ ਵਿਧਾਇਕ ਚੇਤਨ ਸਿੰਘ ਜੋਕਮਾਜਰਾ, ਅਜੀਤਪਾਲ ਸਿੰਘ ਕੋਹਲੀ, ਕੁਲਵੰਤ ਸਿੰਘ ਬਾਜ਼ੀਗਰ, ਗੁਰਲਾਲ ਘਨੌਰ, ਨੀਨਾ ਮਿੱਤਲ, ਸਾਰੇ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਸਮੂਹ ਐਸ.ਡੀ.ਐਮਜ਼, ਸਮੂਹ ਐਸ.ਐਮ.ਓਜ਼ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
