05/11/2026

Patiala News: ‘ਸਾਡੇ ਬਜ਼ੁਰਗ, ਸਾਡਾ ਮਾਣ’: ਸਿਹਤ ਮੰਤਰੀ ਸ

– ਸੀਨੀਅਰ ਨਾਗਰਿਕਾਂ ਲਈ ਇੱਕੋ ਛੱਤ ਹੇਠ ਸਿਹਤ, ਪੈਨਸ਼ਨ ਅਤੇ ਕਾਨੂੰਨੀ ਸਹਾਇਤਾ

ਪਟਿਆਲਾ, 10 ਫਰਵਰੀ:

ਪੰਜਾਬ ਸਰਕਾਰ ਦੇ ਅਹਿਮ ਉਪਰਾਲੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਦੀ ਅਗਵਾਈ ਹੇਠ ਇਹ ਉਪਰਾਲਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਲਾਗੂ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਬਜ਼ੁਰਗਾਂ ਨੂੰ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਮਾਣ-ਸਨਮਾਨ ਪ੍ਰਦਾਨ ਕਰਨਾ ਹੈ |

ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮਕਸਦ ਸੀਨੀਅਰ ਸਿਟੀਜ਼ਨਾਂ ਲਈ ਆਸਾਨ, ਸੁਵਿਧਾਜਨਕ ਅਤੇ ਇਕੱਲੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨਾ ਹੈ। ਕੈਂਪ ਦੌਰਾਨ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਦੀ ਮੁਫ਼ਤ ਜਾਂਚ ਕੀਤੀ ਗਈ, ਜਿਸ ਵਿੱਚ ਈ.ਟੀ. ਅਤੇ ਅੱਖਾਂ ਦੀ ਜਾਂਚ ਸ਼ਾਮਲ ਸੀ। ਇਸ ਦੇ ਨਾਲ ਹੀ ਲੋੜ ਅਨੁਸਾਰ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਨੇ ਦੱਸਿਆ ਕਿ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾਏ ਗਏ ਸਨ, ਜਿੱਥੇ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਸਬੰਧੀ ਸੇਵਾਵਾਂ ਇੱਕੋ ਥਾਂ ’ਤੇ ਉਪਲਬਧ ਕਰਵਾਈਆਂ ਗਈਆਂ ਸਨ। ਇਸ ਮੌਕੇ ਸਿਹਤ ਮੰਤਰੀ ਨੇ ਲੋੜਵੰਦ ਬਜ਼ੁਰਗਾਂ ਨੂੰ ਐਨਕਾਂ ਵੀ ਦਿੱਤੀਆਂ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਕੇਅਰ ਐਂਡ ਵੈਲਫੇਅਰ ਆਫ਼ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨਜ਼ ਐਕਟ-2007’ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ, ਜਿਸ ਰਾਹੀਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਸੁਰੱਖਿਆ ਬਾਰੇ ਜਾਣੂ ਕਰਵਾਇਆ ਗਿਆ।

ਸੀਨੀਅਰ ਸਿਟੀਜ਼ਨਜ਼ ਨਾਲ ਗੱਲਬਾਤ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਭਲਾਈ ਸਕੀਮਾਂ ਤੱਕ ਹੀ ਸੀਮਤ ਨਹੀਂ ਹੈ, ਸਗੋਂ ਸਮਾਜ ਵਿੱਚ ਬਜ਼ੁਰਗਾਂ ਨੂੰ ਬਣਦਾ ਮਾਣ-ਸਤਿਕਾਰ ਅਤੇ ਸਹਾਇਤਾ ਦੇਣ ਵੱਲ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ।

ਇਸ ਮੌਕੇ ਐਸ.ਡੀ.ਐਮ ਪਟਿਆਲਾ ਹਰਜੋਤ ਕੌਰ, ਸਿਵਲ ਸਰਜਨ ਡਾ: ਜਸਵਿੰਦਰ ਸਿੰਘ, ਡਾ: ਪ੍ਰਨੀਤ ਕੌਰ, ਡੀ.ਪੀ.ਓ ਪਰਦੀਪ ਗਿੱਲ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |