
ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕੈਦੀਆਂ ਦੀ ਰਿਹਾਈ ਲਈ 9 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਹਰਜਿੰਦਰ ਸਿੰਘ ਧਾਮੀ ਤੋਂ ਮਿਲੀ ਜਾਣਕਾਰੀ ਅਨੁਸਾਰ ਕਮੇਟੀ ਵਿੱਚ ਸੁਖਬੀਰ ਸਿੰਘ ਬਾਦਲ, ਸਿਮਰਨਜੀਤ ਸਿੰਘ ਮਾਨ, ਬਾਬਾ ਹਰਨਾਮ ਸਿੰਘ ਖਾਲਸਾ ਦਮਦਮੀ ਟਕਸਾਲ, ਬਲਜੀਤ ਸਿੰਘ ਦਾਦੂਵਾਲ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਮਨਜੀਤ ਸਿੰਘ ਜੀ. ਕੇ., ਪਰਮਜੀਤ ਸਿੰਘ ਸਰਨਾ, ਹਰਮੀਤ ਸਿੰਘ ਕਾਲਕਾ ਸਮੇਤ ਪੰਥਕ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਸਮੇਂ ਬੰਦੀਆਂ ਦੀ ਰਿਹਾਈ ਲਈ ਸਾਂਝੇ ਕੌਮੀ ਯਤਨਾਂ ਲਈ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਿੱਖ ਜਥੇਬੰਦੀਆਂ ਤੋਂ ਮਿਲੇ ਸੁਝਾਵਾਂ ਦਾ ਵੀ ਸਤਿਕਾਰ ਕੀਤਾ ਜਾਵੇਗਾ ਅਤੇ ਲੋੜ ਅਨੁਸਾਰ ਕਮੇਟੀ ਦਾ ਵਿਸਥਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਦੀ ਪਹਿਲੀ ਮੀਟਿੰਗ 19 ਮਈ ਨੂੰ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ ਜੋ ਬਾਅਦ ਦੁਪਹਿਰ 12:00 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਹੋਵੇਗੀ। ਇਸ ਦੌਰਾਨ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
