ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਹਰਿਆਣਾ ਸਰਕਾਰ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਇੱਕ ਮਹੀਨੇ ਦੀ ਪੈਰੋਲ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇਹ ਫੈਸਲਾ ਸਰਕਾਰ ਦੇ ਦੋਗਲੇ ਮਾਪਦੰਡਾਂ ਦੀ ਨਿਸ਼ਾਨੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਸਿੱਖ ਕੈਦੀਆਂ ਨੂੰ ਸਜ਼ਾਵਾਂ ਭੁਗਤਣ ਦੇ ਬਾਵਜੂਦ ਰਿਹਾਅ ਨਹੀਂ ਕਰ ਰਹੀਆਂ, ਜਦਕਿ ਦੂਜੇ ਪਾਸੇ ਬਲਾਤਕਾਰ ਅਤੇ ਕਤਲ ਵਰਗੇ ਗੰਭੀਰ ਦੋਸ਼ਾਂ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪਰ ਸਰਕਾਰ ਦੀ ਬਦਨੀਤੀ ਕਾਰਨ ਇਹ ਪੂਰਾ ਨਹੀਂ ਹੋਇਆ। ਸਿੱਖ ਜਥੇਬੰਦੀਆਂ ਵੱਲੋਂ ਵਾਰ-ਵਾਰ ਉਠਾਏ ਜਾ ਰਹੇ ਮੁੱਦੇ ਦਾ ਸਰਕਾਰਾਂ ਕੋਈ ਸਾਰਥਕ ਜਵਾਬ ਨਹੀਂ ਦੇ ਰਹੀਆਂ। ਉਂਜ ਵੀ ਡੇਰਾ ਮੁਖੀ ਜਿਸ ਦਾ 2015 ਵਿੱਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਹੈ ਅਤੇ ਇਹ ਵਿਅਕਤੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ ਅਤੇ ਸਰਕਾਰਾਂ ਹਮੇਸ਼ਾ ਹੀ ਮਿਹਰਬਾਨ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਮਿਲ ਕੇ ਸਿਆਸੀ ਖੇਡ ਖੇਡ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸਿਆਸੀ ਲਾਹਾ ਲੈਣ ਦੇ ਮਕਸਦ ਨਾਲ ਪਹਿਲਾਂ ਵੀ ਚੋਣਾਂ ਦੌਰਾਨ ਫਰਲੋ ਦਿੱਤੀ ਸੀ ਅਤੇ ਹੁਣ ਸੰਗਰੂਰ ਚੋਣਾਂ ਵਿੱਚ ਲਾਹਾ ਲੈਣ ਲਈ ਰਾਮ ਰਹੀਮ ਨੂੰ ਪੈਰੋਲ ਦੇ ਦਿੱਤੀ ਹੈ, ਜੋ ਕਿ ਸਰਾਸਰ ਗਲਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਵੱਲੋਂ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਸਰਪ੍ਰਸਤੀ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।