ਡਾ. ਹਿਮਾਂਸੂ ਸੂਦ
ਫ਼ਤਹਿਗੜ੍ਹ ਸਾਹਿਬ, 24 ਸਤੰਬਰ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਉਣ ਵਾਲੀਆਂ ਪੰਚਾਇਤੀ ਚੋਣਾਂ ਪਾਰਟੀ ਦੇ ਨਿਸ਼ਾਨ ’ਤੇ ਨਾ ਲੜਨ ਬਾਰੇ ਕੀਤਾ ਫ਼ੈਸਲਾ ਇਤਿਹਾਸਕ ਹੈ। ਇਸ ਨਾਲ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਹੋਵੇਗੀ। ਉਹ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਜਿਹੜੇ ਪਿੰਡਾਂ ’ਚ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਹੋਵੇਗੀ, ਉਨ੍ਹਾਂ ਨੂੰ ਪੰਜ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ।
ਉਨ੍ਹਾਂ ਮੰਤਰੀ ਵਜੋਂ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਣ ’ਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸੂਬਾ ਜਨਰਲ ਸਕੱਤਰ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਗੁਰਸਤਿੰਦਰ ਸਿੰਘ ਜੱਲ੍ਹਾ, ਮਨਰੀਤ ਸਿੰਘ ਨਾਗਰਾ, ਬਰਮਿੰਦਰ ਸਿੰਘ ਓਬਰਾਏ, ਮਹੇਸ਼ ਕੁਮਾਰ, ਰਮੇਸ਼ ਕੁਮਾਰ ਸੋਨੂ, ਕੌਂਸਲਰ ਆਸ਼ਾ ਰਾਣੀ, ਸੁਭਾਸ ਸੂਦ, ਪਾਵੇਲ ਹਾਂਡਾ, ਬੰਟੀ ਸਰਹਿੰਦ, ਤਰਸੇਮ ਖੁੱਲਰ ਅਤੇ ਰਜੇਸ਼ ਕੁਮਾਰ ਸਰਹਿੰਦ ਆਦਿ ਹਾਜ਼ਰ ਸਨ।