14/11/2026
ਪਟਿਆਲਾ : ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ।

ਪਟਿਆਲਾ : ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ।

-ਕਿਸਾਨ ਮੰਡੀਆਂ ‘ਚ ਸੁੱਕਾ ਝੋਨਾ ਹੀ ਲੈ ਕੇ ਆਉਣ, ਖਰੀਦ ਤੁਰੰਤ ਕੀਤੀ ਜਾਵੇਗੀ: ਹਿਮਾਂਸ਼ੂ ਜੈਨ

ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ।
-ਕਿਸਾਨਾਂ ਨੇ ਖਰੀਦ ਪ੍ਰਣਾਲੀ ‘ਤੇ ਤਸੱਲੀ ਪ੍ਰਗਟਾਈ, ਇਸ ਵਾਰ ਝਾੜ ਵੀ ਵਧਿਆ।

-ਜ਼ਿਲੇ ਦੀਆਂ ਮੰਡੀਆਂ ‘ਚ 13.46 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ, 13.33 ਲੱਖ ਮੀਟ੍ਰਿਕ ਟਨ ਦੀ ਖਰੀਦ; ਕਿਸਾਨਾਂ ਨੂੰ 3202 ਕਰੋੜ ਰੁਪਏ ਦਾ ਭੁਗਤਾਨ

ਪਟਿਆਲਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਸਰਹਿੰਦ ਰੋਡ ’ਤੇ ਸਥਿਤ ਨਵੀਂ ਅਨਾਜ ਮੰਡੀ ਦਾ ਦੌਰਾ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਗਈ ਜਿਣਸ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ, ਇਸ ਤੋਂ ਇਲਾਵਾ 24 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਖਰੀਦੀ ਗਈ ਫ਼ਸਲ ਦੀ ਸਮੇਂ ਸਿਰ ਲਿਫ਼ਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਵਿਕਰੀ ਲਈ ਲਿਆਂਦੇ ਗਏ ਝੋਨੇ ਦੀ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਤੁਰੰਤ ਖ਼ਰੀਦ ਕੀਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਸੀਆਰਐਮ ਮਸ਼ੀਨਾਂ ਨਾਲ ਇਸ ਦਾ ਸਹੀ ਪ੍ਰਬੰਧਨ ਕਰਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 13 ਲੱਖ 46 ਹਜ਼ਾਰ 301 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 13 ਲੱਖ 33 ਹਜ਼ਾਰ 305 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਖਰੀਦੇ ਗਏ ਝੋਨੇ ਦੀ ਪੂਰੀ ਅਦਾਇਗੀ ਕਰਨ ਤੋਂ ਬਾਅਦ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 3202 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ 13 ਲੱਖ 452 ਮੀਟ੍ਰਿਕ ਟਨ ਦੇ ਨਿਰਧਾਰਿਤ ਖਰੀਦ ਟੀਚੇ ਤੋਂ ਵੱਧ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਝੋਨੇ ਦੀ ਪੈਦਾਵਾਰ ਵਿੱਚ 20 ਤੋਂ 25 ਫੀਸਦੀ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਬਾਸਮਤੀ ਦੀ ਬਜਾਏ ਏ-ਗ੍ਰੇਡ ਝੋਨੇ ਦੀਆਂ ਕਿਸਮਾਂ ਬੀਜੀਆਂ ਹਨ ਅਤੇ ਪੰਜਾਬ ਨੰਬਰ 1 ਵਰਗੀਆਂ ਹਾਈਬ੍ਰਿਡ ਕਿਸਮਾਂ ਦਾ ਝਾੜ ਵੀ ਬਹੁਤ ਵਧੀਆ ਰਿਹਾ ਹੈ। ਇਸ ਤੋਂ ਇਲਾਵਾ ਅਨੁਕੂਲ ਮੌਸਮ ਅਤੇ ਹੜ੍ਹਾਂ ਤੋਂ ਬਚਾਅ ਕਾਰਨ ਇਸ ਵਾਰ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਵਿੱਚ ਕਈ ਕਿਸਾਨ ਆਪਣੀ ਫ਼ਸਲ ਹਰਿਆਣਾ ਦੀਆਂ ਮੰਡੀਆਂ ਵਿੱਚ ਵੇਚਦੇ ਸਨ ਪਰ ਇਸ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜ਼ਿਆਦਾ ਆਮਦ ਦਰਜ ਕੀਤੀ ਗਈ ਹੈ।

ਮੰਡੀ ਵਿੱਚ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਨੇ ਖਰੀਦ ਪ੍ਰਕਿਰਿਆ ‘ਤੇ ਤਸੱਲੀ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਈ ਅਤੇ ਉਨ੍ਹਾਂ ਨੂੰ ਅਦਾਇਗੀ ਵੀ ਹੋ ਚੁੱਕੀ ਹੈ। ਮੰਡੀ ਵਿੱਚ ਝੋਨੇ ਦੀਆਂ ਬੋਰੀਆਂ ਦੀ ਲਗਾਤਾਰ ਲਿਫਟਿੰਗ ’ਤੇ ਵੀ ਕਿਸਾਨਾਂ ਨੇ ਤਸੱਲੀ ਪ੍ਰਗਟਾਈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਜੌਨੀ ਗਰਗ, ਕਿਸਾਨ ਅਤੇ ਕਮਿਸ਼ਨ ਏਜੰਟ ਹਾਜ਼ਰ ਸਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖਰੀਦ ਪ੍ਰਬੰਧਾਂ ਨਾਲ ਜੁੜੇ ਜ਼ਿਲਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਦੂਜੇ ਰਾਜਾਂ ਨਾਲ ਲੱਗਦੇ ਜ਼ਿਲੇ ਦੀਆਂ ਸਰਹੱਦਾਂ ‘ਤੇ ਸਥਾਪਿਤ ਸੱਤ ਚੌਕੀਆਂ ‘ਤੇ ਲਗਾਤਾਰ ਨਿਗਰਾਨੀ ਰੱਖਣ ਤਾਂ ਜੋ ਮੌਜੂਦਾ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਕੋਈ ਵੀ ਸ਼ਰਾਰਤੀ ਅਨਸਰ ਦੂਜੇ ਰਾਜਾਂ ਤੋਂ ਅਣ-ਅਧਿਕਾਰਤ ਢੰਗ ਨਾਲ ਝੋਨਾ ਜਾਂ ਚੌਲ ਲਿਆ ਕੇ ਵੇਚ ਕੇ ਜਾਅਲੀ ਖਰੀਦ ਜਾਂ ਗੈਰ-ਕਾਨੂੰਨੀ ਰੀਸਾਈਕਲ ਨਾ ਕਰ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰੋਂ ਆਉਣ ਵਾਲੇ ਟਰੱਕਾਂ ਦੇ ਬਿੱਲ, ਟਿਕਟਾਂ ਅਤੇ ਹੋਰ ਸਬੰਧਤ ਦਸਤਾਵੇਜ਼ ਸਾਰੀਆਂ ਨਾਕਿਆਂ ’ਤੇ ਚੈਕ ਕੀਤੇ ਜਾਣ ਅਤੇ ਪੂਰਾ ਰਿਕਾਰਡ ਦਰਜ ਕੀਤਾ ਜਾਵੇ। ਇਸ ਕੰਮ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ, ਤਾਂ ਜੋ ਦੂਜੇ ਰਾਜਾਂ ਤੋਂ ਘੱਟ ਭਾਅ ’ਤੇ ਅਣ-ਅਧਿਕਾਰਤ ਝੋਨਾ ਜਾਂ ਚੌਲ ਖਰੀਦ ਕੇ ਪੰਜਾਬ ਵਿੱਚ ਲਿਆਉਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ।