23/10/2026
ਪਟਿਆਲਾ ਨਿਊਜ਼: ਕਿਸਾਨ ਸਹਿਕਾਰੀ ਸਭਾਵਾਂ ਦੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਸਹੀ ਪ੍ਰਬੰਧਨ ਕਰਨ: ਅਮਨਦੀਪ ਸ਼ਰਮਾ
– ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਮੁਫਤ ਮਸ਼ੀਨਰੀ ਪ੍ਰਦਾਨ ਕਰਨ ਦੀ ਸਹੂਲਤ ਦਾ ਲਾਭ ਲੈਣ ਦੀ ਅਪੀਲ
-ਸਹਾਇਕ ਰਜਿਸਟਰਾਰ ਨੇ ਕਲਿਆਣ ਖੇਤੀਬਾੜੀ ਸਹਿਕਾਰੀ ਸਭਾ ਦਾ ਕੀਤਾ ਦੌਰਾ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
-ਸਹਿਕਾਰੀ ਸਭਾਵਾਂ ਕੋਲ ਟਰੈਕਟਰ, ਮਲਚਰ, ਸੁਪਰ ਸੀਡਰ ਸਮੇਤ ਆਧੁਨਿਕ ਖੇਤੀ ਸੰਦ ਉਪਲਬਧ ਹਨ।
ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਪਟਿਆਲਾ ਅਮਨਦੀਪ ਸ਼ਰਮਾ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਹਿਕਾਰੀ ਸਭਾਵਾਂ ਵਿੱਚ ਉਪਲਬਧ ਆਧੁਨਿਕ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਵਾਤਾਵਰਨ ਪੱਖੀ ਢੰਗ ਨਾਲ ਸੰਭਾਲਿਆ ਜਾ ਸਕਦਾ ਹੈ।
ਅਮਨਦੀਪ ਸ਼ਰਮਾ ਨੇ ਅੱਜ ਕਲਿਆਣ ਖੇਤੀਬਾੜੀ ਸਹਿਕਾਰੀ ਸਭਾ ਦਾ ਦੌਰਾ ਕੀਤਾ ਅਤੇ ਸੁਸਾਇਟੀ ਵੱਲੋਂ ਖਰੀਦੇ ਗਏ ਟਰੈਕਟਰ ਅਤੇ ਮਲਚਰ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਦਾ ਮੁੱਖ ਮੰਤਵ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣਾ ਹੈ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਪ੍ਰੇਰਿਤ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾਵਾਂ, ਪਟਿਆਲਾ ਦੇ ਸਹਾਇਕ ਰਜਿਸਟਰਾਰ ਅਧੀਨ ਵੱਖ-ਵੱਖ ਸਹਿਕਾਰੀ ਸਭਾਵਾਂ ਨੇ ਟਰੈਕਟਰ, ਮਲਚਰ, ਸੁਪਰ ਸੀਡਰ ਅਤੇ ਹੋਰ ਆਧੁਨਿਕ ਖੇਤੀ ਸੰਦ ਖਰੀਦੇ ਹਨ। ਇਨ੍ਹਾਂ ਉਪਕਰਨਾਂ ਦੀ ਵਰਤੋਂ ਨਾਲ ਕਿਸਾਨ ਖੇਤਾਂ ਵਿੱਚ ਪਰਾਲੀ ਦਾ ਸਹੀ ਪ੍ਰਬੰਧਨ ਕਰ ਸਕਦੇ ਹਨ ਅਤੇ ਇਸ ਨੂੰ ਸਾੜਨ ਦੀ ਜ਼ਰੂਰਤ ਤੋਂ ਬਚ ਸਕਦੇ ਹਨ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਮਨੁੱਖੀ ਸਿਹਤ ਦੇ ਨਾਲ-ਨਾਲ ਵਾਤਾਵਰਨ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਲਈ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਉਪਲਬਧ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਵਾਤਾਵਰਨ ਦੀ ਸੁਰੱਖਿਆ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਅਮਨਦੀਪ ਸ਼ਰਮਾ ਨੇ ਕਿਹਾ ਕਿ ਸਾਫ਼ ਸੁਥਰਾ ਵਾਤਾਵਰਨ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਗਾ ਕੇ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਰਾਹੀਂ ਪ੍ਰਦੂਸ਼ਣ ਨੂੰ ਘਟਾਉਣ ਦੇ ਯਤਨਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਵੱਲੋਂ ਖਰੀਦੀ ਗਈ ਆਧੁਨਿਕ ਖੇਤੀ ਮਸ਼ੀਨਰੀ ਕਿਸਾਨਾਂ ਨੂੰ ਕਿਰਾਏ ‘ਤੇ ਉਪਲਬਧ ਕਰਵਾਈ ਜਾਂਦੀ ਹੈ, ਜਦਕਿ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਇਸ ਮਸ਼ੀਨਰੀ ਦੀ ਮੁਫ਼ਤ ਵਰਤੋਂ ਕਰਨ ਦੀ ਸਹੂਲਤ ਦਿੱਤੀ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਸੰਦਾਂ ਦੀ ਮਦਦ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ।