ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਹਿੱਸੇ ਵਜੋਂ ਰਾਜਪੁਰਾ ਦੇ ਪਿੰਡਾਂ ਵਿੱਚ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਇੱਕ ਵਿਸ਼ੇਸ਼ ਡਾਕੂਮੈਂਟਰੀ ਲਗਾਤਾਰ ਦਿਖਾਈ ਜਾ ਰਹੀ ਹੈ। ਇਹ ਪ੍ਰਗਟਾਵਾ ਰਾਜਪੁਰਾ ਦੇ ਐਸ.ਡੀ.ਐਮ. ਰਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਦੇਣ ਵਾਲੀ ਵਿਸ਼ੇਸ਼ ਡਾਕੂਮੈਂਟਰੀ ਨੂੰ ਰੋਜ਼ਾਨਾ 8 ਪਿੰਡਾਂ ਦੇ ਲੋਕਾਂ ਵੱਲੋਂ ਬੜੇ ਉਤਸ਼ਾਹ ਨਾਲ ਦੇਖਿਆ ਜਾ ਰਿਹਾ ਹੈ।
ਐਸਡੀਐਮ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਤੋਂ ਇਨ੍ਹਾਂ ਵਿਸ਼ੇਸ਼ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵਿਸ਼ੇਸ਼ ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ ‘ਤੇ ਆਧਾਰਿਤ 30 ਮਿੰਟ ਦੀ ਡਾਕੂਮੈਂਟਰੀ ਪਿੰਡ-ਪਿੰਡ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਹ ਬੀਤੀ ਰਾਤ ਰਾਜਪੁਰਾ ਬਲਾਕ ਦੇ ਪਿੰਡ ਭੱਪਲ ਅਤੇ ਨਲਾਸ ਕਲਾਂ ਵਿਖੇ ਦਿਖਾਈ ਗਈ। ਇਸ ਡਾਕੂਮੈਂਟਰੀ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਬਰਾਬਰਤਾ, ਸਮਾਜਿਕ ਨਿਆਂ, ਪ੍ਰਭੂ ਦੀ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਲੈ ਰਹੇ ਹਨ।
ਇਸ ਦੌਰਾਨ ਇਸ ਡਾਕੂਮੈਂਟਰੀ ਨੂੰ ਦੇਖਣ ਆਏ ਪਿੰਡਾਂ ਦੇ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਡਾਕੂਮੈਂਟਰੀ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ ਅਤੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪਿੰਡ ਦੇ ਪੰਚਾਇਤ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
