ਪਟਿਆਲਾ ਨਿਊਜ਼ : ਵਿਧਾਇਕ ਗੁਰਲਾਲ ਘਨੌਰ ਨੇ “ਸਾਡੇ ਸੂਰਬੀਰ ਸਾਡਾ ਮਾਣ” ਤਹਿਤ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ।
ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ: ਵਿਧਾਇਕ ਗੁਰਲਾਲ ਘਨੌਰ
ਘਨੂਰ, 05 ਮਾਰਚ :
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਦਿੱਤੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਜੋਬਨਦੀਪ ਕੌਰ ਵੱਲੋਂ ਬੀ.ਡੀ.ਪੀ.ਓ ਦਫ਼ਤਰ ਘਨੂਰ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਸਿਹਤ ਤੇ ਮੈਡੀਕਲ ਕੈਂਪ ਲਗਾਇਆ ਗਿਆ |
ਇਸ ਕੈਂਪ ਵਿੱਚ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸੀਨੀਅਰ ਸਿਟੀਜ਼ਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਰਾਹੀਂ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਹੇਠ ”ਸਾਡੇ ਬਜ਼ੁਰਗ, ਸਾਡਾ ਮਾਣ” ਸਕੀਮ ਤਹਿਤ ਬਜ਼ੁਰਗਾਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਅਜਿਹੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।
ਕੈਂਪ ਦੌਰਾਨ ਡਾਕਟਰਾਂ ਵੱਲੋਂ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਸਟੇਟ ਬੈਂਕ ਆਫ ਇੰਡੀਆ ਬ੍ਰਾਂਚ ਘਨੌਰ ਦੇ ਅਧਿਕਾਰੀਆਂ ਨੇ ਬਜ਼ੁਰਗਾਂ ਨੂੰ ਬੈਂਕ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਅਤੇ ਬੈਂਕਿੰਗ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਸ੍ਰੀ ਪਰਮਜੀਤ ਸਿੰਘ (ਪੀ.ਐਲ.ਵੀ.) ਅਤੇ ਸ੍ਰੀ ਗੁਰਕੀਰਤ ਸਿੰਘ (ਪੀ.ਐਲ.ਵੀ.) ਨੇ ਵੀ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।
ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਨੇ ਸ਼ਿਰਕਤ ਕੀਤੀ ਅਤੇ ਸਿਹਤ ਜਾਂਚ ਅਤੇ ਹੋਰ ਸਹੂਲਤਾਂ ਦਾ ਲਾਭ ਉਠਾਇਆ।
