ਪਟਿਆਲਾ : ਲੋੜਵੰਦ ਬੱਚਿਆਂ ਨੂੰ ਸਹੂਲਤਾਂ ਦੇਣ ਲਈ ਯੋਜਨਾ ਤਿਆਰ ਕਰਦਿਆਂ ਏ.ਡੀ.ਸੀ
ਪਟਿਆਲਾ, 22 ਦਸੰਬਰ:
‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਏ.ਡੀ.ਸੀ. ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਲੋੜਵੰਦ ਬੱਚਿਆਂ ਨੂੰ ਸਾਈਕਲ, ਸਟੇਸ਼ਨਰੀ ਅਤੇ ਹੋਰ ਜ਼ਰੂਰੀ ਸਮੱਗਰੀ ਮੁਹੱਈਆ ਕਰਵਾਉਣ ਲਈ ਐਨ.ਜੀ.ਓਜ਼ ਨਾਲ ਤਾਲਮੇਲ ਕਰਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਕਿਹਾ ਗਿਆ। ਇਸ ਸਕੀਮ ਤਹਿਤ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਮੀਟਿੰਗ ਦੌਰਾਨ ਬੇਟੀ ਦੀ ਲੋਹੜੀ ਮਨਾਉਣ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਮਾਜ ਵਿੱਚ ‘ਬੇਟੀ ਬਚਾਓ’ ਅਤੇ ‘ਬੇਟੀ ਪੜ੍ਹਾਓ’ ਦਾ ਸੁਨੇਹਾ ਦੇਣ ਲਈ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਸਹਿਮਤੀ ਪ੍ਰਗਟਾਈ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਇੱਕ ਦੂਜੇ ਨਾਲ ਕੰਮ ਕਰਨ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ, ਸਿਵਲ ਸਰਜਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸੀਨੀਅਰ ਕਪਤਾਨ ਪੁਲੀਸ, ਸਮੂਹ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਹਾਜ਼ਰ ਸਨ।
