ਪਟਿਆਲਾ: ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਨੇ ਵਾਰਡ ਨੰਬਰ 49 ਵਿੱਚ 70 ਲੱਖ ਰੁਪਏ ਨਾਲ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ।
ਪਟਿਆਲਾ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਜਾਰੀ-ਅਜੀਤਪਾਲ ਸਿੰਘ ਕੋਹਲੀ
ਪਟਿਆਲਾ 4 ਨਵੰਬਰ:
ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਪਟਿਆਲਾ ਦੇ ਵਿਧਾਇਕ ਸ: ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਸ: ਕੁੰਦਨ ਗੋਗੀਆ ਨੇ ਵਾਰਡ ਨੰ: 49 ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਅਤੇ ਸੀਵਰੇਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। 70 ਲੱਖ ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ਹਿਰਾਂ ਵਿੱਚ ਢਾਂਚਾਗਤ ਸੁਧਾਰਾਂ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਵਾਰਡ ਨੰ: 49 ਵਿੱਚ ਸੜਕਾਂ ਅਤੇ ਸੀਵਰੇਜ ਦੀ ਹਾਲਤ ਪਿਛਲੇ ਕਾਫੀ ਸਮੇਂ ਤੋਂ ਖ਼ਰਾਬ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੋਕਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਇੱਥੇ ਪੂਰੀ ਤਰ੍ਹਾਂ ਨਾਲ ਨਵੀਆਂ ਸੜਕਾਂ ਅਤੇ ਆਧੁਨਿਕ ਸੀਵਰੇਜ ਸਿਸਟਮ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਾਰਡ ਵਿੱਚ ਬਰਾਬਰ ਵਿਕਾਸ ਕਰਨਾ ਅਤੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਮੇਅਰ ਸ: ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਨਗਰ ਨਿਗਮ ਸ਼ਹਿਰ ਦੇ ਹਰ ਹਿੱਸੇ ਵਿੱਚ ਸਫ਼ਾਈ, ਪਾਣੀ, ਲਾਈਟਾਂ ਅਤੇ ਸੜਕਾਂ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 49 ਵਿੱਚ ਸ਼ੁਰੂ ਕੀਤਾ ਗਿਆ ਕੰਮ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸਮੱਸਿਆਵਾਂ ਦੇ ਹੱਲ ਵੱਲ ਇੱਕ ਵੱਡਾ ਕਦਮ ਹੈ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਨਾ ਸਿਰਫ਼ ਆਵਾਜਾਈ ਸੁਚਾਰੂ ਹੋਵੇਗੀ, ਸਗੋਂ ਸੀਵਰੇਜ ਦੀ ਸਮੱਸਿਆ ਤੋਂ ਵੀ ਰਾਹਤ ਮਿਲੇਗੀ।
ਇਸ ਮੌਕੇ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਇਹ ਕੰਮ ਮਿੱਥੇ ਸਮੇਂ ਅੰਦਰ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਟੀਮ ਹਰ ਪੱਧਰ ‘ਤੇ ਨਿਗਰਾਨੀ ਰੱਖੇਗੀ ਤਾਂ ਜੋ ਪੈਸੇ ਦੀ ਪੂਰੀ ਵਰਤੋਂ ਵਿਕਾਸ ਕਾਰਜਾਂ ਲਈ ਹੋ ਸਕੇ।
ਇਸ ਮੌਕੇ ਕਈ ਕੌਂਸਲਰਾਂ, ਸਥਾਨਕ ਆਗੂਆਂ ਅਤੇ ਇਲਾਕਾ ਨਿਵਾਸੀਆਂ ਨੇ ਇਲਾਕੇ ਦੀਆਂ ਲੋੜਾਂ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕਰਨ ਲਈ ਵਿਧਾਇਕ ਅਤੇ ਮੇਅਰ ਦਾ ਧੰਨਵਾਦ ਕੀਤਾ। ਲੋਕਾਂ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਸ਼ਹਿਰ ਨੂੰ ਹੋਰ ਸੁਵਿਧਾਜਨਕ ਅਤੇ ਸੁੰਦਰ ਬਣਾਉਣ ਲਈ ਹੋਰ ਵੀ ਕਈ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
ਇਸ ਮੌਕੇ ਕੋਹਲੀ ਨੇ ਕਿਹਾ ਕਿ ਅਸੀਂ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਿਕਸਤ ਸ਼ਹਿਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ, ਲੋਕਾਂ ਦੇ ਸਹਿਯੋਗ ਨਾਲ ਹਰ ਵਾਰਡ ਵਿੱਚ ਬਰਾਬਰ ਵਿਕਾਸ ਕਰਨਾ ਸਾਡੀ ਤਰਜੀਹ ਹੈ।
ਇਸ ਮੌਕੇ ਵਾਰਡ ਨੰਬਰ 49 ਤੋਂ ਐਮ.ਸੀ ਨੇਹਾ ਸਿੱਧੂ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ |
