ਪਟਿਆਲਾ: ਸਿਹਤ ਮੰਤਰੀ ਵੱਲੋਂ ਫੰਡਾਂ ਦੇ ਵਹਾਅ ਨਾਲ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ
– ਪੰਜ ਸਾਲ ਦੀ ਗਰੰਟੀ ਨਾਲ ਸੜਕਾਂ ਬਣਾਈਆਂ ਜਾਣਗੀਆਂ – ਡਾ ਬਲਬੀਰ ਸਿੰਘ
– ਪਿੰਡਾਂ ਵਿੱਚ ਨਵੀਂ ਈ-ਰਿਕਸ਼ਾ ਸੇਵਾ ਸ਼ੁਰੂ ਹੋਵੇਗੀ
ਪਟਿਆਲਾ, 21 ਨਵੰਬਰ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਵਿਕਾਸ ਅਤੇ ਫੰਡ ਅੰਦੋਲਨ ਪ੍ਰੋਗਰਾਮ ਤਹਿਤ ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਹਰਦਾਸਪੁਰ, ਕਲਵਾ, ਨੰਦਪੁਰ ਕੇਸ਼ੋਂ, ਚਲਾਲਾ, ਰੋਹੜਗੜ੍ਹ, ਕਿਸ਼ਨਗੜ੍ਹ, ਰੋਹਟੀ ਖਾਸ, ਇੱਛੇਵਾਲ ਅਤੇ ਸਿਉਣਾ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਵਿਕਾਸ ਫੰਡਾਂ ਦੀ ਵੰਡ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਪਿੰਡਾਂ ਦੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨਾ ਹੈ।
ਜਾਣਕਾਰੀ ਦਿੰਦਿਆਂ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਜਾਰੀ ਕੀਤੇ ਫੰਡਾਂ ਰਾਹੀਂ ਹੁਣ ਇਨ੍ਹਾਂ ਪਿੰਡਾਂ ਵਿੱਚ ਕਈ ਅਹਿਮ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ। ਇਨ੍ਹਾਂ ਵਿੱਚ ਪੰਜ ਸਾਲ ਦੀ ਗਰੰਟੀ ਨਾਲ ਪੱਕੀਆਂ ਸੜਕਾਂ ਦਾ ਨਿਰਮਾਣ, ਲੈਂਡਸਕੇਪਿੰਗ ਦੇ ਕੰਮ, ਕਮਿਊਨਿਟੀ ਹਾਲ, ਖੇਡ ਦੇ ਮੈਦਾਨ ਅਤੇ ਹੋਰ ਆਧੁਨਿਕ ਬੁਨਿਆਦੀ ਢਾਂਚਾ ਸ਼ਾਮਲ ਹੈ। ਇਹ ਸਹੂਲਤਾਂ ਨਾ ਸਿਰਫ਼ ਪਿੰਡਾਂ ਦੀ ਸੁੰਦਰਤਾ ਵਿੱਚ ਵਾਧਾ ਕਰਨਗੀਆਂ ਸਗੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਗੀਆਂ।
ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਕਈ ਥਾਵਾਂ ‘ਤੇ ਪਏ ਬੇਕਾਰ ਛੱਪੜਾਂ ਨੂੰ ਹੁਣ ਹਟਾ ਕੇ ਉਨ੍ਹਾਂ ਦੀ ਥਾਂ ‘ਤੇ ਰੁੱਖ ਲਗਾਏ ਜਾਣਗੇ, ਤਾਂ ਜੋ ਪਿੰਡਾਂ ਦੀ ਹਵਾ ਅਤੇ ਵਾਤਾਵਰਨ ਹੋਰ ਸੁੰਦਰ ਬਣ ਸਕੇ |
ਸਿਹਤ ਮੰਤਰੀ ਨੇ ਕਿਹਾ ਕਿ ਜਲਦੀ ਹੀ ਪਿੰਡਾਂ ਵਿੱਚ ‘ਈ-ਰਿਕਸ਼ਾ ਸੇਵਾ’ ਸ਼ੁਰੂ ਕੀਤੀ ਜਾਵੇਗੀ। ਇਸ ਉਪਰਾਲੇ ਨਾਲ ਜਿੱਥੇ ਇੱਕ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਉੱਥੇ ਹੀ ਪਿੰਡ ਵਾਸੀਆਂ ਖਾਸ ਕਰਕੇ ਬਜ਼ੁਰਗਾਂ, ਵਿਦਿਆਰਥੀਆਂ ਅਤੇ ਔਰਤਾਂ ਨੂੰ ਆਵਾਜਾਈ ਦੀ ਸਹੂਲਤ ਮਿਲੇਗੀ।
ਇਸ ਮੌਕੇ ਸਿਹਤ ਮੰਤਰੀ ਨੇ ਪਿੰਡਾਂ ਦੀਆਂ ਔਰਤਾਂ ਲਈ ਵਿਸ਼ੇਸ਼ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਹੁਣ ਔਰਤਾਂ ਅਤੇ ਭੈਣਾਂ ਨੂੰ ਸੈਲਫ ਹੈਲਪ ਗਰੁੱਪਾਂ ਰਾਹੀਂ ਰੁਜ਼ਗਾਰ ਦੇ ਵੱਧ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਪਿੰਡ ਦੀਆਂ ਔਰਤਾਂ ਨੂੰ ਘਰੇਲੂ ਉਦਯੋਗਾਂ ਰਾਹੀਂ ਮਜ਼ਬੂਤ ਅਤੇ ਆਤਮ ਨਿਰਭਰ ਬਣਾਉਣਾ ਹੈ।
ਇਸ ਤੋਂ ਇਲਾਵਾ ਡਾ: ਬਲਬੀਰ ਸਿੰਘ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਠੇ ਹੋ ਕੇ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।
