ਅੰਮ੍ਰਿਤਸਰ: ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਕੇਸਾਂ ਦੀ ਸੁਣਵਾਈ ਲਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੇ ਚਿਹਰੇ ’ਤੇ ਕਲੰਕ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਈਸ਼ਨਿੰਦਾ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਦੀ ਕਿੰਨੀ ਗੰਭੀਰਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਈਸ਼ਨਿੰਦਾ ਦੇ ਕੇਸਾਂ ਦੀ ਸੁਣਵਾਈ ਨੂੰ ਪੰਜਾਬ ਵਿੱਚੋਂ ਬਾਹਰ ਕਰਨ ਦੇ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਕੀਤਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਅੱਠ ਸਾਲਾਂ ਦੇ ਲੰਮੇ ਅਰਸੇ ਤੋਂ ਬਾਅਦ ਇਸ ਕੇਸ ਸਬੰਧੀ ਚਲਾਨ ਪੇਸ਼ ਕੀਤਾ ਗਿਆ ਸੀ, ਜਿਸ ਵਿੱਚ ਡੇਰਾ ਪ੍ਰੇਮੀਆਂ ਦੇ ਨਾਲ ਸੌਦਾ ਸਾਧ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਨਾਜ਼ੁਕ ਮਾਮਲੇ ਦੀ ਸਖ਼ਤੀ ਨਾਲ ਪੈਰਵੀ ਨਹੀਂ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ ਵੀ ਈਸ਼ਨਿੰਦਾ ਦੇ ਮਾਮਲਿਆਂ ‘ਤੇ ਸਿਆਸਤ ਕਰਦੀ ਰਹੀ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਿੱਖਾਂ ਲਈ ਇਸ ਬਹੁਤ ਹੀ ਗੰਭੀਰ ਮਾਮਲੇ ‘ਤੇ ਸਮਾਂ ਲੰਘਾ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਪੰਜਾਬ ਸਰਕਾਰ ਹਰ ਹਾਲਤ ਵਿੱਚ ਇਸ ਮਾਮਲੇ ’ਤੇ ਆਪਣਾ ਸਖ਼ਤ ਸਟੈਂਡ ਲੈਂਦੀ ਪਰ ਸਰਕਾਰ ਦੀ ਨਾਕਾਮੀ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਸੌਦਾ ਸਾਧ ‘ਤੇ ਸਰਕਾਰਾਂ ਪਹਿਲਾਂ ਹੀ ਮਿਹਰਬਾਨ ਹਨ ਅਤੇ ਉਸ ਨੂੰ ਵਾਰ-ਵਾਰ ਪੈਰੋਲ ਦੇ ਕੇ ਖਾਸ ਖਿਆਲ ਰੱਖਿਆ ਜਾ ਰਿਹਾ ਹੈ। ਅਜਿਹੇ ਵਿੱਚ ਪੰਜਾਬ ਤੋਂ ਬਾਹਰ ਜਾ ਰਹੇ ਈਸ਼ਨਿੰਦਾ ਦੇ ਕੇਸ ਪੰਜਾਬ ਸਰਕਾਰ ਲਈ ਇੱਕ ਵੱਡਾ ਸਵਾਲ ਹੈ। ਉਨ੍ਹਾਂ ਈਸ਼ਨਿੰਦਾ ਮਾਮਲੇ ਦੀ ਸੁਣਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨੂੰ ਆਪਣੀ ਨਾਕਾਮੀ ਲਈ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।