ਮੁੱਖ ਮੰਤਰੀ ਨੇ ਦਿੜ੍ਹਬਾ ਅਤੇ ਚੀਮਾ ਵਿੱਚ ਆਧੁਨਿਕ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਰੱਖਿਆ


ਦਿੜ੍ਹਬਾ/ਚੀਮਾ (ਸੰਗਰੂਰ), 23 ਮਈ, 2023 : ਸੂਬੇ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਲੁੱਟਣ ‘ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਵੇਚ ਦਿੱਤੀਆਂ ਸਨ, ਜਦਕਿ ਸਾਡੀ ਸਰਕਾਰ ਪੂਰੀ ਤਰ੍ਹਾਂ ਇਹ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰ ਰਿਹਾ ਹੈ। ਇੱਥੇ ਦਿੜ੍ਹਬਾ ਅਤੇ ਚੀਮਾ ਵਿੱਚ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦਾ ਭਤੀਜਾ ਨੌਕਰੀ ਦੇ ਬਦਲੇ ਦੋ ਕਰੋੜ ਰੁਪਏ ਮੰਗਦਾ ਸੀ। ਇਸ ਦੇ ਉਲਟ ਸਾਡੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਦਾ ਸ਼ੋਸ਼ਣ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਕਾਰਨ ਸੂਬਾ ਤਰੱਕੀ ਪੱਖੋਂ ਪਛੜ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਲੁੱਟਣ ਵਾਲੇ ਇਨ੍ਹਾਂ ਭ੍ਰਿਸ਼ਟ ਆਗੂਆਂ ਤੋਂ ਇਕ-ਇਕ ਪੈਸਾ ਵਸੂਲ ਕਰੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਇਹ ਮੰਦਭਾਗਾ ਹੈ ਕਿ ਗੁਰਬਾਣੀ ਪ੍ਰਸਾਰਣ ਦਾ ਮੁਫਤ ਅਧਿਕਾਰ ਦੇਣ ਦੀ ਬਜਾਏ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਰਫ਼ ਇੱਕ ਟੀ.ਵੀ. ਚੈਨਲ ਨੂੰ ਇਹ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਬਸਾਂਝੀ ਬਾਣੀ ਰਾਹੀਂ ਸਰਬਸਾਂਝੀ ਬਾਣੀ ਰਾਹੀਂ ਸਰਬੱਤ ਦੇ ਭਲੇ ਦਾ ਇਲਾਹੀ ਸੰਦੇਸ਼ ਸਾਰੀ ਦੁਨੀਆ ਤੱਕ ਜਾਵੇ ਤਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਕੀ ਇਤਰਾਜ਼ ਹੈ। ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਵਾਲ ਕੀਤਾ ਕਿ ਤੁਹਾਡੇ ਲਈ ਸਭ ਤੋਂ ਵੱਧ ਜ਼ਰੂਰੀ ਕੀ ਹੈ, ਗੁਰਬਾਣੀ ਦਾ ਪ੍ਰਚਾਰ ਪੂਰੀ ਦੁਨੀਆਂ ਵਿੱਚ ਕਰਨਾ ਜਾਂ ਕਿਸੇ ਇੱਕ ਚੈਨਲ ‘ਤੇ ਪ੍ਰਚਾਰ ਕਰਨਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਲਈ ਵੋਟਾਂ ਮੰਗਣ ਵਾਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ (ਮੁੱਖ ਮੰਤਰੀ) ਨੂੰ ਸਿੱਖਿਅਤ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਦੇਣ ਨਾਲ ਧਰਮ ਨੂੰ ਖ਼ਤਰਾ ਪੈਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਅਸਪੱਸ਼ਟ ਬਿਆਨਾਂ ਦੀ ਸਾਰਿਆਂ ਨੂੰ ਨਿੰਦਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਸ਼੍ਰੋਮਣੀ ਕਮੇਟੀ ਬਾਦਲ ਪਰਿਵਾਰ ਦੀ ਕਠਪੁਤਲੀ ਵਾਂਗ ਕੰਮ ਕਰ ਰਹੀ ਹੈ ਅਤੇ ਬਾਦਲ ਆਪਣੇ ਸਿਆਸੀ ਏਜੰਡੇ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਸ਼੍ਰੋਮਣੀ ਕਮੇਟੀ ਦੀ ਦੁਰਵਰਤੋਂ ਕਰਦਿਆਂ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਦੇ ਵੱਡੇ ਪ੍ਰੋਜੈਕਟ ਨੂੰ ਰੋਕ ਦਿੱਤਾ ਹੈ, ਜਦਕਿ ਇਸ ਕਾਲਜ ਨਾਲ ਇੱਥੋਂ ਦੇ ਲੋਕਾਂ ਦੀ ਤਕਦੀਰ ਬਦਲ ਸਕਦੀ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਸਗੋਂ ਉਹ ਹਮੇਸ਼ਾ ਆਪਣੇ ਸਿਆਸੀ ਹਿੱਤਾਂ ਦੀ ਪਰਵਾਹ ਕਰਦੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦਿੜ੍ਹਬਾ ਵਿੱਚ ਨੌਂ ਏਕੜ ਰਕਬੇ ਵਿੱਚ ਫੈਲੇ ਬਹੁਮੰਜ਼ਲੀ ਤਹਿਸੀਲ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਡੀ.ਐਸ.ਪੀ ਦਫ਼ਤਰ, ਤਹਿਸੀਲਦਾਰ ਦਫ਼ਤਰ, ਫਰਦ ਕੇਂਦਰ, ਤਹਿਸੀਲ ਦਫ਼ਤਰ, ਬੀ.ਡੀ.ਪੀ.ਓ. ਦਫਤਰ ਅਤੇ ਹੋਰ ਇਮਾਰਤਾਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਹ ਕੰਪਲੈਕਸ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਇਕ ਸਾਲ ਦੇ ਅੰਦਰ-ਅੰਦਰ ਮੁਕੰਮਲ ਹੋ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਸਮੇਂ ਸਿਰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਲੋਕਾਂ ਨੂੰ ਬਹੁਤ ਲਾਭ ਪਹੁੰਚਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਸੂਬੇ ਭਰ ਵਿੱਚ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਸੇਵਾ ਦੇ ਇਸ ਮਕਸਦ ਵੱਲ ਕਦੇ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਵਾਗਡੋਰ ਪਹਿਲਾਂ ਗਲਤ ਹੱਥਾਂ ਵਿਚ ਸੀ, ਜਿਸ ਕਾਰਨ ਸੂਬੇ ਦਾ ਬੁਰਾ ਹਾਲ ਹੋ ਗਿਆ ਹੈ। ਕਣਕ ਦੇ ਭਾਅ ਵਿੱਚ ਕਟੌਤੀ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬੇ ਦੇ ਅੰਨਦਾਤਾਵਾਂ ਦੇ ਅਣਥੱਕ ਯਤਨਾਂ ਤੋਂ ਬਿਨਾਂ ਕੇਂਦਰੀ ਪੂਲ ਨੂੰ ਭਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਕੇਂਦਰੀ ਅਨਾਜ ਪੂਲ ਲਈ ਸਾਡੇ ਤੋਂ ਅਨਾਜ ਦੀ ਸਪਲਾਈ ਮੰਗੇਗੀ ਤਾਂ ਕਿਸਾਨਾਂ ‘ਤੇ ਲਾਗੂ ਹੋਣ ਵਾਲੀ ਕੀਮਤ ਦੀ ਕਟੌਤੀ ਦਾ ਇਕ ਰੁਪਇਆ ਕੇਂਦਰ ਸਰਕਾਰ ਤੋਂ ਵਿਆਜ ਸਮੇਤ ਵਸੂਲ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਪੰਜਾਬ ਅਤੇ ਇਸ ਦੇ ਕਿਸਾਨਾਂ ਪ੍ਰਤੀ ਰਵੱਈਆ ਉਦਾਸੀਨ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਕਾਨੂੰਨੀ ਹੱਕਾਂ ਤੋਂ ਵਾਂਝੇ ਰੱਖ ਕੇ ਬੇਲੋੜਾ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 3 ਹਜ਼ਾਰ ਕਰੋੜ ਰੁਪਏ ਅਜੇ ਵੀ ਕੇਂਦਰ ਸਰਕਾਰ ਕੋਲ ਬਕਾਇਆ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰ ਲਈ ਹੈ ਪਰ ਫਿਰ ਵੀ ਕੇਂਦਰ ਸਰਕਾਰ ਜਾਣ ਬੁੱਝ ਕੇ ਆਰ.ਡੀ.ਐਫ. ਅਤੇ ਜੀ.ਐੱਸ.ਟੀ. ਦੇ ਕਾਰਨ ਰਾਜ ਦੇ ਹਿੱਸੇ ਨੂੰ ਬਲਾਕ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਫੈਸਲੇ ਕੇਂਦਰ ਅਤੇ ਰਾਜਾਂ ਦੇ ਅਧਿਕਾਰਾਂ ‘ਤੇ ਮਾੜਾ ਅਸਰ ਪਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇ ਹੋਣਹਾਰ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਵਿੱਚ ਪਹਿਲਾਂ ਹੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਨੌਜਵਾਨ ਵਿਦੇਸ਼ਾਂ ਤੋਂ ਪਰਤ ਕੇ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮਿਸਾਲੀ ਉਪਰਾਲਾ ਸੂਬੇ ਦੀ ਤਕਦੀਰ ਬਦਲਣ ਲਈ ਮੀਲ ਪੱਥਰ ਸਾਬਤ ਹੋ ਰਿਹਾ ਹੈ, ਜਿਸ ਨਾਲ ਸੂਬਾ ਦੇਸ਼ ਭਰ ਵਿਚ ਮੋਹਰੀ ਬਣ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਪੇਂਡੂ ਖੇਤਰਾਂ ਨੂੰ ਸਨਅਤੀ ਹੱਬ ਵਜੋਂ ਵਿਕਸਤ ਕਰਨ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗੀਕਰਨ ਵਿੱਚ ਤੇਜ਼ੀ ਲਿਆ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ ਤਾਂ ਜੋ ਸੂਬੇ ਦਾ ਸਮਾਜਿਕ-ਆਰਥਿਕ ਵਿਕਾਸ ਤੇਜ਼ ਹੋ ਸਕੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬਾ ਸਰਕਾਰ ਨੇ ਕਈ ਲੋਕ ਪੱਖੀ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਪਹਿਲੀ ਵਾਰ ਜ਼ੀਰੋ ਬਿਜਲੀ ਦਾ ਬਿੱਲ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਜੇਬਾਂ ‘ਤੇ ਬੋਝ ਘੱਟ ਹੋਇਆ ਹੈ, ਜਿਸ ਨਾਲ ਉਨ੍ਹਾਂ ਨੂੰ ਰਾਹਤ ਮਿਲੀ ਹੈ। ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਸੁਪਨਮਈ ਪ੍ਰੋਗਰਾਮ ਸੂਬੇ ਅਤੇ ਲੋਕਾਂ ਲਈ ਖੁਸ਼ਹਾਲੀ ਦੇ ਨਵੇਂ ਦਰਵਾਜ਼ੇ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਇਸ ਪ੍ਰੋਗਰਾਮ ਦੀ ਕੋਈ ਮਿਸਾਲ ਨਹੀਂ ਮਿਲਦੀ ਕਿਉਂਕਿ ਕਿਸੇ ਵੀ ਸੂਬੇ ਦੀ ਸਰਕਾਰ ਲੋਕਾਂ ਦੇ ਘਰ ਘਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਬਹੁਤਾ ਸਮਾਂ ਨਹੀਂ ਦਿੰਦੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਜਿੱਥੇ ਇੱਕ ਪਾਸੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ, ਉੱਥੇ ਹੀ ਦੂਜੇ ਪਾਸੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਗੁਜ਼ਾਰੀ ਦਾ ਵੀ ਮੁਲਾਂਕਣ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਦਰਸਾਉਂਦੀ ਹੈ ਕਿ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਵੱਧ ਤੋਂ ਵੱਧ ਪਿੰਡਾਂ ਦੇ ਦੌਰੇ ਕਰਨੇ ਚਾਹੀਦੇ ਹਨ ਅਤੇ ਲੋਕਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਦੇ ਰੋਜ਼ਾਨਾ ਦੇ ਕੰਮ ਆਸਾਨੀ ਨਾਲ ਕੀਤੇ ਜਾਣ ਅਤੇ ਉਨ੍ਹਾਂ ਲਈ ਚੰਗੇ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਦੀ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਹ ਰਾਜ ਭਰ ਵਿੱਚ ਲੜਕੀਆਂ ਲਈ ਸਰਵੋਤਮ ਜਨਤਕ ਟਰਾਂਸਪੋਰਟ ਸੇਵਾ ਨੂੰ ਯਕੀਨੀ ਬਣਾਉਣ ਵੱਲ ਇੱਕ ਕਦਮ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਨੂੰ ਜੋੜਨ ਲਈ ਜਲਦ ਹੀ ਇੱਕ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਪਿੰਡਾਂ ਦੇ ਲੋਕਾਂ ਨੂੰ ਸੂਬੇ ਵਿੱਚ ਆਉਣ-ਜਾਣ ਵਿੱਚ ਮਦਦ ਮਿਲੇਗੀ ਅਤੇ ਨਾਲ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਹੋਣਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਦਾ ਇਹ ਇੱਕ ਹੋਰ ਵੱਡਾ ਉਪਰਾਲਾ ਹੋਵੇਗਾ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ ਤੇ ਹੋਰ ਆਗੂ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *