ਮੁੱਖ ਸਕੱਤਰ ਵੱਲੋਂ 26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਤੇਜ਼ ਕਰਨ ਦੀਆਂ ਹਦਾਇਤਾਂ


ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਨੂੰ ਤੇਜ਼ ਕਰਨ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਅਨੇਕਾਂ ਮੌਕੇ ਪੈਦਾ ਕਰ ਰਹੀ ਹੈ। ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਮੁੱਖ ਸਕੱਤਰ ਨੇ ਪੰਜਾਬ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਸਾਰੇ ਵਿਭਾਗਾਂ ਨੂੰ ਸਮੇਂ ਸਿਰ ਭਰਤੀ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੜਕੇ-ਲੜਕੀਆਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਹਦਾਇਤ ਕੀਤੀ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਮੀਟਿੰਗ ਦੌਰਾਨ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਵੱਖ-ਵੱਖ 24 ਵਿਭਾਗਾਂ ਵਿੱਚ 26 ਹਜ਼ਾਰ 454 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਭਰਤੀ ਕੀਤੇ ਜਾਣ ਵਾਲੇ ਵਿਭਾਗਾਂ ਵਿੱਚ ਗ੍ਰਹਿ ਵਿਭਾਗ (ਪੁਲਿਸ), ਸਕੂਲ ਸਿੱਖਿਆ (ਅਧਿਆਪਕ ਭਰਤੀ), ਸਿਹਤ, ਬਿਜਲੀ, ਤਕਨੀਕੀ ਸਿੱਖਿਆ, ਵਿੱਤ ਵਿਭਾਗ, ਪੇਂਡੂ ਵਿਕਾਸ, ਸਹਿਕਾਰਤਾ ਵਿਭਾਗ ਅਤੇ ਜਲ ਸਪਲਾਈ ਵਿਭਾਗ ਸ਼ਾਮਲ ਹਨ। ਮੁੱਖ ਸਕੱਤਰ ਨੇ ਕਿਹਾ ਕਿ ਨਵੀਂ ਭਰਤੀ ਨਾਲ ਜਿੱਥੇ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਪ੍ਰਸ਼ਾਸਨਿਕ ਪੱਧਰ ‘ਤੇ ਵੀ ਸਰਕਾਰ ਦੀ ਕਾਰਗੁਜ਼ਾਰੀ ਬਿਹਤਰ ਹੋਵੇਗੀ। ਨਵੀਂ ਭਰਤੀ ਨਾਲ ਸਰਕਾਰੀ ਕੰਮ ਵਿੱਚ ਹੋਰ ਤੇਜ਼ੀ ਆਵੇਗੀ। ਜਿਨ੍ਹਾਂ ਵਿਭਾਗਾਂ ਵਿੱਚ ਭਰਤੀ ਸਬੰਧੀ ਕੋਈ ਨੁਕਤਾ ਸੀ, ਮੁੱਖ ਸਕੱਤਰ ਨੇ ਉਸ ਦਾ ਮੌਕੇ ’ਤੇ ਹੀ ਨਿਪਟਾਰਾ ਕਰਦਿਆਂ ਅਧਿਕਾਰੀਆਂ ਨੂੰ ਸਮੇਂ ਸਿਰ ਭਰਤੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *