ਅੰਮ੍ਰਿਤਸਰ, 22 ਦਸੰਬਰ- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਨਗਰ ਕੀਰਤਨ ਦੌਰਾਨ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਟਰੈਕਟਰ ‘ਤੇ ਲਗਾਉਣ ਦੇ ਮਾਮਲੇ ਅਤੇ ਸਿੱਖ ਨੌਜਵਾਨ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੁਲਿਸ ਵੱਲੋਂ ਕੀਤੀ ਗਈ ਇਹ ਕਾਰਵਾਈ ਘੱਟ ਗਿਣਤੀ ਸਿੱਖਾਂ ਨਾਲ ਵੱਡੀ ਬੇਇਨਸਾਫ਼ੀ ਅਤੇ ਦਬਾਅ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਬਹੁ-ਧਰਮੀ ਦੇਸ਼ ਹੈ, ਜਿਸ ਵਿੱਚ ਸੰਵਿਧਾਨ ਅਨੁਸਾਰ ਹਰ ਕਿਸੇ ਨੂੰ ਧਾਰਮਿਕ ਆਜ਼ਾਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੇ ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਵਿਰੁੱਧ ਸੰਘਰਸ਼ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਪੋਸਟ ਕਰਨਾ ਕੋਈ ਗੁਨਾਹ ਨਹੀਂ ਹੈ, ਇਸ ਲਈ ਜਬਲਪੁਰ ਵਿੱਚ ਸਿੱਖ ਨੌਜਵਾਨਾਂ ਖ਼ਿਲਾਫ਼ ਦਰਜ ਕੇਸ ਨੂੰ ਤੁਰੰਤ ਰੱਦ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਗ੍ਰਹਿ ਮੰਤਰੀ ਸ੍ਰੀ ਨਰੋਤਮ ਮਿਸ਼ਰਾ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਬੇਕਸੂਰ ਸਿੱਖ ਨੌਜਵਾਨਾਂ ਖ਼ਿਲਾਫ਼ ਦਰਜ ਕੀਤੇ ਪਰਚੇ ਰੱਦ ਕਰਨ ਦੀਆਂ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਮੱਧ ਪ੍ਰਦੇਸ਼ ਦੇ ਨੁਮਾਇੰਦੇ ਸਿੱਖਾਂ ਅਤੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਸਮੇਤ ਹੋਰ ਗੁਰਦੁਆਰਾ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਸਥਾਨਕ ਪੱਧਰ ’ਤੇ ਜ਼ੋਰਦਾਰ ਢੰਗ ਨਾਲ ਉਠਾਉਣ ਤਾਂ ਜੋ ਸਿੱਖ ਨੌਜਵਾਨਾਂ ਨੂੰ ਇਨਸਾਫ਼ ਮਿਲ ਸਕੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
